ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਲੰਬਿਤ ਮਸਲਿਆਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਲਾਇਆ ਗਿਆ ਧਰਨਾ ਅੱਠਵੇਂ ਦਿਨ ਵੀ ਜਾਰੀ ਰਿਹਾ। ਛੁੱਟੀ ਵਾਲੇ ਦਿਨ ਵੀ ਕਿਸਾਨਾਂ ਨੇ ਡੀ ਸੀ ਦਫ਼ਤਰ ਮੂਹਰੇ ਡਟ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਜਥੇਬੰਦੀ ਦੇ ਆਗੂ ਕਸ਼ਮੀਰ ਸਿੰਘ ਧੰਗਾਈ ਨੇ ਕਿਹਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਜੇ ਤੱਕ ਪੂਰਾ ਮੁਆਵਜ਼ਾ ਨਹੀਂ ਮਿਲਿਆ। ਹੜ੍ਹ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਸਮੇਤ ਜ਼ਿਲ੍ਹਾ ਪੱਧਰ ’ਤੇ ਲੰਬਿਤ ਮਾਮਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਮੋਰਚਾ ਸਿਰਫ਼ ਸਥਾਨਕ ਮਸਲਿਆਂ ਤੱਕ ਸੀਮਤ ਨਹੀਂ ਸਗੋਂ ਕਿਸਾਨਾਂ ਅਤੇ ਲੋਕਾਂ ਨਾਲ ਸਬੰਧਤ ਮੰਗਾਂ ਦੇ ਹੱਲ ਲਈ ਜਾਰੀ ਹੈ। ਇਨ੍ਹਾਂ ਵਿੱਚ ਭਾਰਤ-ਅਮਰੀਕਾ ਕਰ-ਮੁਕਤ ਵਪਾਰ ਸਮਝੌਤੇ ਦੀ ਵਾਰਤਾ ਰੱਦ ਕਰਵਾਉਣਾ, ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣਾ, ਵਾਤਾਵਰਨ ਪੱਖੀ ਨਵੀਂ ਖੇਤੀ ਨੀਤੀ ਬਣਾਉਣ ਦੀ ਮੰਗ, ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਦੇਣਾ ਅਤੇ ਲਟਕਦੇ ਮਸਲਿਆਂ ਦਾ ਹੱਲ ਕਰਵਾਉਣਾ ਸ਼ਾਮਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦੇ ਠੋਸ ਹੱਲ ਲਈ ਕਾਰਵਾਈ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਡਾ. ਕੁਲਦੀਪ ਸਿੰਘ ਮੱਤੇਨੰਗਲ, ਬਾਬਾ ਰਾਜਨ ਸਿੰਘ, ਡਾ. ਪਰਮਿੰਦਰ ਸਿੰਘ ਪੰਡੋਰੀ, ਕੁਲਬੀਰ ਸਿੰਘ ਜੇਠੂਵਾਲ, ਰੁਪਿੰਦਰ ਸਿੰਘ ਮੱਧੂਛਾਗਾ ਤੇ ਪ੍ਰਗਟ ਸਿੰਘ ਹਾਜ਼ਰ ਸਨ।

