ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ ਦਾ ਆਗਾਜ਼
ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਸਾਹਿਤ ਅਤੀਤ ਅਤੇ ਭਵਿੱਖ ’ਚ ਪੁਲ ਦਾ ਜ਼ਰੀਆ ਬਣਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀਆਂ ਭਾਵਨਾਵਾਂ ਦੀ ਪੇਸ਼ਕਾਰੀ ਦਾ ਸਾਧਨ ਸਾਹਿਤ ਹੀ ਬਣਦਾ ਹੈ। ਕਾਲਜ ਵੱਲੋਂ ਅਜਿਹੇ ਮੇਲੇ ਕਰਵਾਉਣ ਅਤੇ ਗਿਆਨ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦਾ ਇਹ ਯੋਗ ਉਪਰਾਲਾ ਹੈ। ਕਿਤਾਬਾਂ ਜਾਣਕਾਰੀ ਦਾ ਠੋਸ ਸਾਧਨ ਹੈ। ਉਨ੍ਹਾਂ ਮਹੀਨੇ ’ਚ ਕੋਈ ਇਕ ਪੁਸਤਕ ਖਰੀਦ ਕੇ ਪੜ੍ਹਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਪੰਜਾਬੀ ਸਾਹਿਤ ਦੇ ਨਾਵਲਕਾਰ ਨਾਨਕ ਸਿੰਘ ਦੇ ਪੋਤਰੇ ਨਵਦੀਪ ਸਿੰਘ ਸੂਰੀ ਨੇ ਕਿਹਾ ਕਿ ਕਿਤਾਬੀ ਗਿਆਨ ਰਾਹੀਂ ਹੀ ਉਹ ਉੱਚ ਅਹੁਦੇ ਤੱਕ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਆਪਣੇ ਗਿਆਨ ’ਚ ਵਾਧਾ ਕਰਨ ਲਈ ਕਿਤਾਬਾਂ ਨਾਲ ਜੁੜਨਾ ਜ਼ਰੂਰੀ ਹੈ। ਉਨ੍ਹਾਂ ਜੀਵਨ ਦੇ ਤਜਰਬਿਆਂ ਨੂੰ ਸਾਂਝਾ ਕਰਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੜ੍ਹਨ ਅਤੇ ਕਿਤਾਬੀ ਗਿਆਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਡਾ. ਮਹਿਲ ਸਿੰਘ ਨੇ ਕਿਹਾ ਕਿ ਛੀਨਾ ਦੀ ਅਗਵਾਈ ’ਚ ਸਮੂਹ ਵਿੱਦਿਅਕ ਸੰਸਥਾਵਾਂ ਬਿਹਤਰੀ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਨ੍ਹਾਂ ਸੰਸਥਾਵਾਂ ’ਚ 35 ਹਜ਼ਾਰ ਵਿਦਿਆਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਸਤਕ ਸੱਭਿਆਚਾਰ ਨੂੰ ਹਰਮਨ ਪਿਆਰਾ ਬਣਾਉਣ ਲਈ ਇਹ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਸਾਰਥਿਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਿਲੇਬਸ ਦੀ ਪੜ੍ਹਾਈ ਤੱਕ ਸੀਮਤ ਨਾ ਰਹਿ ਕੇ ਵਿਦਿਆਰਥੀਆਂ ਨੂੰ ਆਪਣੇ ਗਿਆਨ ’ਚ ਵਾਧਾ ਕਰਨ ਲਈ ਪੁਸਤਕਾਂ ਨਾਲ ਜੁੜਨਾ ਅਤੇ ਉਨ੍ਹਾਂ ਨਾਲ ਸਾਂਝ ਪਾਉਣੀ ਬਹੁਤ ਜ਼ਰੂਰੀ ਹੈ।
ਪੁਸਤਕ ਮੇਲੇ ਦਾ ਦੂਜਾ ਸੈਸ਼ਨ ਪੈਨਲ ਚਰਚਾ ਦੇ ਰੂਪ ਵਿੱਚ ਸ਼ੁਰੂ ਹੋਇਆ। ਸਮਾਗਮ ਦੇ ਸ਼ੁਰੂ ’ਚ ਡਾ. ਕੁਲਦੀਪ ਸਿੰਘ ਢਿੱਲੋਂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟਰ ਡਾ. ਇੰਦਰਜੀਤ ਕੌਰ ਅਤੇ ਪੱਤਰਕਾਰ ਰਵਿੰਦਰ ਸਿੰਘ ਰੌਬਿਨ ਦਾ ਨਿੱਘਾ ਸਵਾਗਤ ਕੀਤਾ। ਇਸ ਡਾ. ਇੰਦਰਜੀਤ ਕੌਰ ਨੇ ਭਗਤ ਪੂਰਨ ਸਿੰਘ ਦੇ ਮਨੁੱਖੀ ਜੀਵਨ ਲਈ ਕੀਤੇ ਸਮਰਪਣ ਅਤੇ ਉਨ੍ਹਾਂ ਦੀਆਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਗਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦਾ ਸੰਦੇਸ਼ ਦਿੱਤਾ।
ਪੁਸਤਕ ਮੇਲੇ ਦੇ ਤੀਜੇ ਸੈਸ਼ਨ ਵਿੱਚ ਪੰਜਾਬੀ ਬਾਲ ਸਾਹਿਤ ‘ਕਰੂੰਬਲਾਂ’ ਦੀ ਸ਼ੁਰੂਆਤ ਵਿੱਚ ਡਾ. ਹੀਰਾ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਬਾਲ ਸਾਹਿਤ ਪੁਰਸਕਾਰ ਜੇਤੂ ਡਾ. ਇੰਦਰਪ੍ਰੀਤ ਸਿੰਘ ਧਾਮੀ ਨੇ ਬਾਲ ਮਾਨਸਿਕਤਾ ਦੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮਗਰੋਂ ਸ਼੍ਰੋਮਣੀ ਬਾਲ ਸਾਹਿਤਕਾਰ ਬਲਜਿੰਦਰ ਮਾਨ ਅਤੇ ਨਾਮਵਰ ਬਾਲ ਗਾਇਕ ਕਮਲਜੀਤ ਸਿੰਘ ਨੀਲੋਂ ਨੇ ਆਪਣੀ ਪੇਸ਼ਕਾਰੀ ਦਿੱਤੀ।
