Amritsar Municipal Corporation: ਹਾਥੀ ਗੇਟ ਤੇ ਲਾਹੌਰੀ ਗੇਟ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ
ਨਗਰ ਨਿਗਮ ਦੀ ਸਖ਼ਤ ਕਾਰਵਾਈ; ਸਾਮਾਨ ਜ਼ਬਤ
ਸ਼ਹਿਰ ਦੀਆਂ ਸੜਕਾਂ ਅਤੇ ਫੁਟਪਾਥਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਹਾਥੀ ਗੇਟ ਅਤੇ ਲਾਹੌਰੀ ਗੇਟ ਖੇਤਰ ਵਿੱਚ ਫੁਟਪਾਥਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਜਨਤਕ ਥਾਵਾਂ ’ਤੇ ਰੱਖਿਆ ਸਾਮਾਨ, ਮਾਲ ਜ਼ਬਤ ਕਰ ਲਿਆ ਗਿਆ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੀਤੀ ਗਈ। ਇਸ ਕਾਰਵਾਈ ਨੂੰ ਇੰਸਪੈਕਟਰ ਪ੍ਰੀਤੀ ਚੌਹਾਨ ਵੱਲੋਂ ਅਮਲ ਵਿੱਚ ਲਿਆਂਦਾ ਗਿਆ, ਜਦਕਿ ਇਸ ਦੀ ਨਿਗਰਾਨੀ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਵੱਲੋਂ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਾਥੀ ਗੇਟ ਅਤੇ ਲਾਹੌਰੀ ਗੇਟ ਇਲਾਕਿਆਂ ਵਿੱਚ ਖ਼ਾਸ ਕਰ ਕੇ ਸੜਕਾਂ ਅਤੇ ਫੁਟਪਾਥਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਸਬੰਧੀ ਨਿਗਮ ਨੂੰ ਕਈ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਨਿਗਮ ਵੱਲੋਂ ਵਾਰ-ਵਾਰ ਚਿਤਾਵਨੀ ਦੇਣ ਅਤੇ ਕਬਜ਼ੇ ਖੁਦ ਹਟਾਉਣ ਲਈ ਕਹਿਣ ਦੇ ਬਾਵਜੂਦ ਕਈ ਉਲੰਘਣਾ ਕਰਨ ਵਾਲਿਆਂ ਵੱਲੋਂ ਇਸ ਦੀ ਪਾਲਣਾ ਨਹੀਂ ਕੀਤੀ ਗਈ। ਸਖ਼ਤ ਰੁਖ਼ ਅਪਣਾਉਂਦਿਆਂ ਐਸਟੇਟ ਵਿਭਾਗ ਵੱਲੋਂ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਜਨਤਕ ਥਾਵਾਂ ’ਤੇ ਰੱਖਿਆ ਸਮਾਨ/ਮਾਲ ਜ਼ਬਤ ਕਰ ਲਿਆ ਗਿਆ। ਨਗਰ ਨਿਗਮ ਨੇ ਸਪੱਸ਼ਟ ਕੀਤਾ ਕਿ ਜ਼ਬਤ ਕੀਤਾ ਗਿਆ ਸਾਮਾਨ ਵਾਪਸ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਸੜਕਾਂ ਜਾਂ ਫੁੱਟਪਾਥਾਂ ’ਤੇ ਮੁੜ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਮੁੜ ਨਾਜਾਇਜ਼ ਕਬਜ਼ਾ ਕਰਨ ਦੀ ਕੋਈ ਵੀ ਕੋਸ਼ਿਸ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਦਾ ਕਾਰਨ ਬਣੇਗੀ।

