Amritsar News: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲੀਸ ਵੱਲੋਂ ਜਾਂਚ
ਅੰਮ੍ਰਿਤਸਰ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਥਾਵਾਂ ’ਤੇ ਤਲਾਸ਼ੀ ਮੁਹਿੰਮ
ਆਜ਼ਾਦੀ ਦਿਵਸ ਮੌਕੇ ਸੁਰੱਖਿਆ ਇੰਤਜ਼ਾਮ ਪੁਖ਼ਤਾ ਕਰਨ ਦੇ ਮੱਦੇਨਜ਼ਰ ਅਤੇ ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ, ਸ਼ੱਕੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸ਼ਹਿਰ ਦੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਜਾਂਚ ਅਪਰੇਸ਼ਨ ਤਹਿਤ ਜਾਂਚ ਕੀਤੀ ਗਈ। ਇਸ ਅਪਰੇਸ਼ਨ ਦੌਰਾਨ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਹੋਟਲਾਂ, ਧਰਮਸ਼ਾਲਾਵਾਂ, ਸਰਾਏ, ਪੀ ਜੀ, ਭੀੜ-ਭਾੜ ਵਾਲੇ ਸਥਾਨਾਂ ਅਤੇ ਹੋਰ ਮਹੱਤਵਪੂਰਨ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਤਸਦੀਕ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ। ਡੀ ਸੀ ਪੀ ਆਲਮ ਵਿਜੇ ਸਿੰਘ ਦੀ ਅਗਵਾਈ ਹੇਠ ਏ ਡੀ ਸੀ ਪੀ ਸਿਟੀ-2 ਸਿਰਿਵਨੇਲਾ, ਏ ਸੀ ਪੀ ਨੌਰਥ ਗਗਨਦੀਪ ਸਿੰਘ, ਆਰ ਪੀ ਐਫ ਤੇ ਜੀ ਆਰ ਪੀ ਦੀਆਂ ਟੀਮਾਂ ਵੱਲੋਂ ਰੇਲਵੇ ਸਟੇਸ਼ਨ ਵਿਖੇ ਸਾਂਝੇ ਤੌਰ ’ਤੇ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਦੌਰਾਨ ਰੇਲਵੇ ਸਟੇਸ਼ਨ ਦੀ ਪਾਰਕਿੰਗ, ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਜੋ ਲੋਕਾਂ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਇਸੇ ਤਰ੍ਹਾਂ ਬੱਸ ਸਟੈਂਡ ਵਿਖੇ ਏ ਡੀ ਸੀ ਪੀ ਸਿਟੀ ਜਸਰੂਪ ਕੌਰ ਬਾਠ ਸਮੇਤ ਫੋਰਸ ਵੱਲੋਂ ਆਪਰੇਸ਼ਨ ਚਲਾਇਆ ਗਿਆ।
ਹੁਸ਼ਿਆਰਪੁਰ ’ਚ ਪੁਲੀਸ ਵੱਲੋਂ ‘ਕਾਸੋ’ ਅਪਰੇਸ਼ਨ ਼
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਜ ਪੁਲੀਸ ਵਲੋਂ ਸ਼ਹਿਰ ਵਿਚ ‘ਕਾਸੋ’ ਅਪਰੇਸ਼ਨ ਚਲਾਇਆ ਗਿਆ। ਇਸ ਤਹਿਤ ਬਸ ਸਟੈਂਡ ਦੇ ਇਲਾਕੇ ’ਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਕਈ ਵਿਅਕਤੀਆਂ ਦੇ ਸ਼ਨਾਖਤੀ ਕਾਰਡ ਚੈੱਕ ਕੀਤੇ ਗਏ। ਬਸ ਸਟੈਂਡ ਦੇ ਬਾਹਰ ਖੜ੍ਹੇ ਵਾਹਨਾਂ ਬਾਰੇ ਪੁੱਛਗਿੱਛ ਕੀਤੀ ਗਈ। ਅਪਰੇਸ਼ਨ ਦੀ ਨਿਗਰਾਨੀ ਵਧੀਕ ਡਾਇਰੈਕਟਰ ਜਨਰਲ ਆਫ ਪੁਲੀਸ (ਏ ਡੀ ਜੀ ਪੀ) ਸ਼ਿਵ ਕੁਮਾਰ ਅਤੇ ਐੱਸ ਐੱਸ ਪੀ ਸੰਦੀਪ ਕੁਮਾਰ ਮਲਿਕ ਨੇ ਕੀਤੀ। ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਸਾਰੇ ਵਾਹਨਾਂ ਅਤੇ ਸਵਾਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ। ਏ ਡੀ ਜੀ ਪੀ ਨੇ ਦੱਸਿਆ ਕਿ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਹੈ।

