ਗੁਰਦਾਸਪੁਰ: ਪਰਚੂਨ ਪਟਾਕਾ ਵਿਕਰੇਤਾ ਐਸੋਸੀਏਸ਼ਨ, ਗੁਰਦਾਸਪੁਰ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ। ਵਿਸ਼ਾਲ ਕਾਲੀਆ ਦੀ ਪ੍ਰਧਾਨਗੀ ਹੇਠ ਹੋਈ ਇਸ ਬੈਠਕ ਵਿੱਚ ਬੁਲਾਰਿਆਂ ਨੇ ਕਿਹਾ ਕਿ ਦੀਵਾਲੀ ਨੇੜੇ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀ ਵਿਕਰੀ ਸਬੰਧੀ ਸਖ਼ਤ ਨਿਯਮ ਥੋਪ ਦਿੱਤੇ ਜਾਂਦੇ ਹਨ। ਬੁਲਾਰਿਆਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਦਖ਼ਲਅੰਦਾਜ਼ੀ ਕਰ ਕੇ ਪਟਾਕਾ ਵਿਕਰੇਤਾਵਾਂ ਨੂੰ ਰਾਹਤ ਦਿੱਤੀ ਜਾਵੇ। ਵਿਸ਼ਾਲ ਕਾਲੀਆ ਨੇ ਕਿਹਾ ਕਿ ਛੇਤੀ ਹੀ ਐਸੋਸੀਏਸ਼ਨ ਦਾ ਪ੍ਰਤੀਨਿਧੀ ਮੰਡਲ ਰਮਨ ਬਹਿਲ ਨੂੰ ਮਿਲੇਗਾ। ਪਟਾਕਾ ਮਾਰਕੀਟ ਵਿੱਚ ਸਟਾਲ ਲਗਾਉਣ ਵਾਲਿਆਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਹੈ ਕਿ ਉਹ ਆਪਣੇ ਕੋਲ ਸੁਰੱਖਿਆ ਉਪਕਰਨ ਰੱਖਣਗੇ। -ਨਿੱਜੀ ਪੱਤਰ ਪ੍ਰੇਰਕ