ਪੱਤਰ ਪ੍ਰੇਰਕ
ਅਜਨਾਲਾ, 12 ਸਤੰਬਰ
ਇੱਥੇ ਅੱਜ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਤੇ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਡਾ. ਸਤਨਾਮ ਸਿੰਘ ਅਜਨਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਅੱਪਰ-ਅਪਾਰੀ ਦੋਆਬ ਨਹਿਰ ਦਾ ਪਾਣੀ ਮਾਝੇ ਖੇਤਰ ਦੇ ਹਰ ਖੇਤ ਤੱਕ ਪੁੱਜਦਾ ਕਰਾਉਣ, ਨਹਿਰੀ ਪਾਣੀ ਦੀ ਉਪਲੱਬਧਤਾ ਵਧਾਉਣ ਅਤੇ ਨਹਿਰ ਵਿਚ ਪਾਇਆ ਜਾ ਰਿਹਾ ਸੀਵਰੇਜ ਦਾ ਗੰਦਾ ਪਾਣੀ ਰੋਕਣ ਲਈ 19 ਸਤੰਬਰ ਤੋਂ ਨਹਿਰੀ ਵਿਭਾਗ ਦੇ ਨਿਗਰਾਨ ਇੰਜਨੀਅਰ ਅੰਮ੍ਰਿਤਸਰ ਦੇ ਦਫਤਰ ਸਾਹਮਣੇ ਅਣਮਿੱਥੇ ਸਮੇਂ ਦਾ ਧਰਨਾ ਲਾਇਆ ਜਾਵੇਗਾ। ਇਸ ਦੌਰਾਨ ਮਾਝੇ ਦੇ ਚਾਰ ਜ਼ਿਲ੍ਹਿਆਂ ਦੇ ਕਿਸਾਨ ਜਮੂਹਰੀ ਕਿਸਾਨ ਸਭਾ ਪੰਜਾਬ ਦੇ ਬੈਨਰ ਹੇਠ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਜੇ ਇਸ ਧਰਨੇ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਿੰਚਾਈ ਮੰਤਰੀ ਦੇ ਘਰ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ ਅਤੇ ਮੰਗਾਂ ਮੰਨੀਆਂ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।