ਪੱਤਰ ਪ੍ਰੇਰਕ
ਤਰਨ ਤਾਰਨ, 3 ਨਵੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਨਵੰਬਰ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ| ਸ੍ਰੀ ਮੋਦੀ 5 ਨਵੰਬਰ ਨੂੰ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੂੰ ਮਿਲਣ ਆ ਰਹੇ ਹਨ| ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਅੰਦਰ ਆਪਣੀਆਂ ਰਾਜਸੀ ਸਰਗਮੀਆਂ ਤੇਜ਼ ਕਰਨ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ| ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵੱਲੋਂ ਅੱਜ ਇਥੇ ਜਾਰੀ ਕੀਤੇ ਬਿਆਨ ’ਚ ਪ੍ਰਧਾਨ ਮੰਤਰੀ ਨੂੰ ਦਿੱਲੀ ਦੇ ਇਤਿਹਾਸਕ ਮੋਰਚੇ ਦੇ 700 ਤੋਂ ਵੱਧ ਸ਼ਹੀਦ ਕਿਸਾਨਾਂ ਦਾ ਕਾਤਲ ਦੱਸਿਆ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ 5 ਨਵੰਬਰ ਨੂੰ ਸੂਬਾ ਭਰ ਅੰਦਰ ਪਿੰਡਾਂ, ਸ਼ਹਿਰਾਂ, ਕਸਬਿਆਂ ਵਿੱਚ ਰੋਸ ਵਿਖਾਵੇ ਕਰਕੇ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ ਜਾਣਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਤੇ ਕਾਰਪੋਰੇਟ ਧਿਰਾਂ ਪੱਖੀ ਨੀਤੀਆਂ ਖ਼ਿਲਾਫ਼ ਵਿਰੋਧ ਦਰਜ ਕੀਤਾ ਜਾਵੇਗਾ| ਆਗੂਆਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਕਾਤਲ ਪ੍ਰਧਾਨ ਮੰਤਰੀ ਨੂੰ ਮਿਲਣ ਤੋ ਨਾਂਹ ਕਰ ਦੇਣ। ਕਿਸਾਨ ਆਗੂਆਂ ਨੇ ਕਿਹਾ ਕਿ ਇਕ ਸਾਲ ਬੀਤ ਜਾਣ ’ਤੇ ਵੀ ਕੇਦਰ ਸਰਕਾਰ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਨਹੀਂ ਕਰ ਸਕੇ। ਨਾ ਹੀ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕੀਤੀਆਂ ਗਈਆਂ ਹਨ। ਜਥੇਬੰਦੀ ਕਿਸਾਨਾਂ ਦੀਆਂ ਹੋਰਨਾਂ ਮੰਗਾਂ ’ਤੇ ਵੀ ਆਵਾਜ਼ ਉਠਾ ਰਹੀ ਹੈ।