ਪੱਤਰ ਪ੍ਰੇਰਕ
ਅਟਾਰੀ, 20 ਸਤੰਬਰ
ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿੱਚ ਗੁਰੂ ਅਮਰਦਾਸ ਜੀ ਦਾ ਜੋਤੀ-ਜੋਤ ਪੁਰਬ ਸਾਲਾਨਾ ਚੌਰਾਸੀ ਕੱਟ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦੋਵੇਂ ਦਿਨ ਭਾਰੀ ਦੀਵਾਨ ਸਜਾਏ ਗਏ, ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਨਤਮਸਤਕ ਹੋਈ। ਇਸ ਮੌਕੇ ਸੰਗਤਾਂ ਨੂੰ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਮੰਤਰੀ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਿੰਡ, ਭਗਵੰਤ ਸਿੰਘ ਸਿਆਲਕਾ ਜਨਰਲ ਸਕੱਤਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਾਸਰਕੇ ਨੇ ਸੰਬੋਧਨ ਕੀਤਾ। ਸ਼ਾਮ ਵੇਲੇ ਸੁਤਲਾਣੀ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਟੀਮਾਂ ਦਰਮਿਆਨ ਕਬੱਡੀ ਮੈਚ ਵੀ ਹੋਇਆ।