ਅਨੂਪ ਸ਼ਹਿਰ ਦੀ ਪੰਚਾਇਤ ਵੱਲੋਂ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਐਲਾਨ
ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦੋਂ ਨਸ਼ਾ ਮੁਕਤੀ ਯਾਤਰਾ ਦੇ ਦੂਸਰੇ ਪੜਾਅ ਦੌਰਾਨ ਪਿੰਡ ਅਨੂਪ ਸ਼ਹਿਰ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਐਲਾਨ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਕੋਈ ਵੀ ਨਸ਼ਾ ਨਹੀਂ ਕਰੇਗਾ ਅਤੇ ਨਾ ਹੀ ਕੋਈ ਨਸ਼ਾ ਵੇਚੇਗਾ। ਪਿੰਡ ਵਾਸੀਆਂ ਦੇ ਇਸ ਐਲਾਨ ਤੋਂ ਬਾਅਦ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪਿੰਡ ਅਨੂਪ ਸਹਿਰ, ਖੁਸ਼ੀ ਨਗਰ, ਝੇਲਾ ਆਮਦਾ ਸ਼ਕਰਗੜ੍ਹ, ਸਿਹੋੜਾ ਕਲਾਂ, ਸਿਹੋੜਾ ਖੁਰਦ, ਸਾਹੂਚੱਕ ਅਤੇ ਦਰਸ਼ੋਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ ਅਤੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਆ। ਇਸ ਯਾਤਰਾ ਵਿੱਚ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਖੁਸ਼ਬੀਰ ਕਾਟਲ, ਰਾਜਾ ਬਕਨੌਰ, ਸੋਨੂੰ, ਤਰੁਣ, ਕਿਸ਼ੋਰ, ਕੁਲਦੀਪ ਆਦਿ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੇ ਦੂਸਰੇ ਪੜਾਅ ਅੰਦਰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਵਿਧਾਨ ਸਭਾ ਹਲਕੇ ਦੇ 5-7 ਪਿੰਡਾਂ ਅੰਦਰ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਤਾਂ ਨਸ਼ੇ ਦੀ ਲਤ ਨੂੰ ਹਰ ਹਾਲਤ ਵਿੱਚ ਖਤਮ ਕਰਨਾ ਹੀ ਪੈਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਐਲਾਨ ਕਰਨ ਵਾਲੇ ਪਿੰਡ ਅਨੂਪ ਸ਼ਹਿਰ ਨੂੰ ਪਹਿਲ ਦੇ ਆਧਾਰ ਤੇ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।