ਨਿੱਜੀ ਪੱਤਰ ਪ੍ਰੇਰਕ
ਬਟਾਲਾ, 23 ਅਗਸਤ
ਪੰਜਵੇਂ ਪਾਤਸ਼ਾਹ ਵੱਲੋਂ ਛੇਵੀਂ ਪਾਤਸ਼ਾਹੀ ਦੇ ਨਾਂ ’ਤੇ ਵਸਾਇਆ ਨਗਰ ਸ੍ਰੀ ਹਰਗੋਬਿੰਦਪੁਰ ਦੇ ਨਾਂ ਨਾਲ ਸ੍ਰੀ ਹਰਗੋਬਿੰਦਪੁਰ ‘ਸਾਹਿਬ’ ਲਗਾਉਣ ਸਬੰਧੀ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਵਿਧਾਨ ਸਭਾ ਹਲਕਾ ਸ੍ਰੀਹਰਗੋਬਿੰਦਪੁਰ ਤੋਂ ਪਿਛਲੀ ਸਰਕਾਰ ਦੌਰਾਨ ਕਾਂਗਰਸ ਦੇ ਵਿਧਾਇਕ ਰਹੇ ਬਲਵਿੰਦਰ ਸਿੰਘ ਲਾਡੀ ਨੇ ਇਸ ਸਬੰਧੀ ਵਿਧਾਨ ਸਭਾ ’ਚ ਮੰਗ ਰੱਖੀ ਸੀ। ਇਸ ਹਲਕੇ ਤੋਂ ਲਗਾਤਾਰ ਤਿੰਨ ਵਾਰ ਨੁਮਾਇੰਦਗੀ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੇ ਸਰਕਾਰ ਦੇ ਫ਼ੇਸਲੇ ਦੀ ਸ਼ਲਾਘਾ ਕੀਤੀ ਹੈ, ਉਥੇ ਹਲਕਾ ਸ੍ਰੀ ਹਰਗੋਬਿੰਦਪੁਰ ‘ਸਾਹਿਬ’ ਦੇ ਸੀਨੀਅਰ ਆਗੂ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਸਿਆਸੀ ਧਿਰਾਂ ਦੇ ਕਈ ਲੀਡਰ ਇਸ ਮੁੱਦੇ ’ਤੇ ਲਾਹਾ ਲੈਣ ਦੇ ਯਤਨਾ ’ਚ ਹਨ। ਉਧਰ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਕਾਜ਼ਮਪੁਰ, ਰਿਆੜਕੀ ਸੱਥ ਹਰਪੁਰ ਧੰਦੋਈ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਖਹਿਰਾ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਪੱਡਾ , ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸੁਖਰਾਜ ਸਿੰਘ ਕਾਹਲੋਂ ਸਮੇਤ ਹੋਰਾਂ ਨੇ ਸ੍ਰੀਹਰਗੋਬਿੰਦਪੁਰ ਦੇ ਨਾਂ ਨਾਲ ‘ਸਾਹਿਬ’ ਲਗਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।