ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੌਡਿਊਲ ਦਾ ਪਰਦਾਫਾਸ਼

ਨੌਂ ਪਿਸਤੌਲਾਂ ਸਮੇਤ ਕਾਬੂ
Advertisement

ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਮੱਧ ਪ੍ਰਦੇਸ਼ ਆਧਾਰਿਤ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਸੰਚਾਲਕ ਨੂੰ ਨੌਂ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰੁਣ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਸੱਤ .32 ਬੋਰ ਦੀਆ ਪਿਸਤੌਲਾਂ ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪੰਜ ਕਾਰਤੂਸ ਸ਼ਾਮਲ ਹਨ। ਇਹ ਜਾਣਕਾਰੀ ਅੱਜ ਇੱਥੇ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ।

ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਖੇਤਰ ਵਿੱਚ ਅੰਤਰ-ਗਰੋਹ ਦੁਸ਼ਮਣੀ ਦੇ ਚਲਦਿਆਂ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਖਰੀਦੇ ਗਏ ਸਨ। ਜਾਂਚ ਤੋਂ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਮੱਧ ਪ੍ਰਦੇਸ਼ ਦੇ ਗੈਰਕਾਨੂੰਨੀ ਹਥਿਆਰ ਸਪਲਾਇਰਾਂ ਦੇ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਮਦਦ ਕਰ ਰਿਹਾ ਸੀ।

Advertisement

ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਮਿਲਣ ਬਾਰੇ ਵਿਸ਼ੇਸ਼ ਖੁਫੀਆ ਜਾਣਕਾਰੀ ਮਿਲੀ ਸੀ। ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਸੀਆਈ-ਅੰਮ੍ਰਿਤਸਰ ਦੀ ਪੁਲੀਸ ਟੀਮ ਨੇ ਪਿੰਡ ਘਨੂੰਪੁਰ ਕਾਲੇ ਨਜ਼ਦੀਕ ਬਾਈਪਾਸ ਰੋਡ 'ਤੇ ਸਥਿਤ ਪੈਟਰੋਲ ਪੰਪ ਨੇੜੇ ਸ਼ੱਕੀ ਨੂੰ ਰੋਕਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਗੈਰਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਕਾਰਕੁਨਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਹੈ।

Advertisement
Show comments