ਪੱਤਰ ਪ੍ਰੇਰਕ
ਦੀਨਾਨਗਰ, 20 ਦਸੰਬਰ
ਦੀਨਾਨਗਰ ਹਲਕੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਅੱਜ ਬਲਾਕ ਦੋਰਾਂਗਲਾ ਦੇ ਅੰਦਰ ਸਬ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਕਰੀਬ 2.36 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਇਸ ਸਬ ਤਹਿਸੀਲ ਕੰਪਲੈਕਸ ਦੇ ਅੰਦਰ ਪਟਵਾਰ ਸਟੇਸ਼ਨ ਵੀ ਬਣੇਗਾ। ਜਿਸ ਨਾਲ ਬਲਾਕ ਦੋਰਾਂਗਲਾ ਅਧੀਨ ਆਉਂਦੇ ਕਰੀਬ 92 ਪਿੰਡਾਂ ਦੇ ਲੋਕਾਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਦੀ ਪਰੇਸ਼ਾਨੀ ਦੂਰ ਹੋਵੇਗੀ। ਇਸ ਮੌਕੇ ਸੀਨੀਅਰ ਨੇਤਾ ਅਸ਼ੋਕ ਚੌਧਰੀ, ਐੱਸਡੀਐੱਮ ਇਨਾਇਤ ਗੁਪਤਾ, ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ ਅਤੇ ਬਲਾਕ ਸੰਮਤੀ ਚੇਅਰਮੈਨ ਅਮਰਜੀਤ ਸਿੰਘ ਵੀ ਮੌਜੂਦ ਸਨ।
ਮੰਤਰੀ ਬਾਜਵਾ ਨੇ ਸੜਕਾਂ ਦੇ ਨੀਂਹ ਪੱਥਰ ਰੱਖੇ
ਬਟਾਲਾ (ਦਲਬੀਰ ਸੱਖੋਵਾਲੀਆ): ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪਿੰਡ ਮਰੜ, ਬੱਜੂਮਾਨ ਅਤੇ ਢਡਿਅਲਾ ਨੱਤ ਦੇ ਡੇਰਿਆਂ ਦੀਆਂ ਸੰਪਰਕ ਸੜਕਾਂ ਨੂੰ ਪੱਕਿਆਂ ਕਰਨ ਦੇ ਨੀਂਹ ਪੱਥਰ ਰੱਖੇ। ਸ੍ਰੀ ਬਾਜਵਾ ਨੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡਾਂ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਹਲਕੇ ਦੇ ਹਰੇਕ ਪਿੰਡ ਨੂੰ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਚੰਨੀ ਸਰਕਾਰ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਸ਼ੰਸਾਂ ਕਰਦਿਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦੀ ਕਾਮਨਾ ਕੀਤੀ। ਕੈਪਸ਼ਨ- ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੜਕ ਦਾ ਨੀਂਹ ਪੱਥਰ ਰੱਖਦੇ ਹੋਏ।
ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
ਸ਼ਾਹਕੋਟ (ਪੱਤਰ ਪ੍ਰੇਰਕ): ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਪਿੰਡ ਨਵਾਂ ਕਿਲਾ ਵਿਚ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਪਿੰਡ ਵਿਚ ਨਾਲੀਆਂ ਬਣਾਉਣ, ਗਲੀਆਂ ਅਤੇ ਸ਼ਮਸ਼ਾਨਘਾਟ ਵਿਚ ਟਾਈਲਾਂ ਲਵਾਉਣ ਅਤੇ ਪਿੰਡ ਦੀਆਂ ਦੋ ਧਰਮਸ਼ਾਲਾਵਾਂ ਦੀ ਮੁਰੰਮਤ ਵਾਸਤੇ ਦਿੱਤੀ ਗਰਾਂਟ ਨਾਲ ਇਹ ਵਿਕਾਸ ਕੰਮ ਪੂਰੇ ਕੀਤੇ ਗਏ ਹਨ, ਜਿਨ੍ਹਾਂ ਦਾ ਅੱਜ ਉਦਘਾਟਨ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਕਈ ਵਿਕਾਸ ਕੰਮ ਪੂਰੇ ਕੀਤੇ ਜਾ ਚੁੱਕੇ ਹਨ। ਰਹਿੰਦੇ ਵਿਕਾਸ ਦੇ ਕੰਮ ਵੀ ਜਲਦ ਪੂਰੇ ਹੋ ਜਾਣਗੇ। ਇਸ ਮੌਕੇ ਸਰਪੰਚ ਅੰਮ੍ਰਿਤਪਾਲ ਸਿੰਘ ਧਨੋਆ, ਸੁਖਦੀਪ ਸਿੰਘ ਕੰਗ, ਗੁਰਦੇਵ ਸਿੰਘ ਪੰਚ, ਸੁਰਿੰਦਰ ਕੌਰ ਪੰਚ ਤੇ ਸੁਖਜਿੰਦਰ ਕੌਰ ਪੰਚ ਆਦਿ ਹਾਜ਼ਰ ਸਨ।