ਐੱਨ.ਪੀ. ਧਵਨ
ਪਠਾਨਕੋਟ, 5 ਸਤੰਬਰ
ਇੱਥੋਂ ਦੀ ਪੁਲੀਸ ਨੇ ਗੈਰਕਾਨੂੰਨੀ ਮਾਈਨਿੰਗ ਮਾਫੀਆ ਟਰਾਂਸਪੋਰਟਰ ਨਾਲ ਕਥਿਤ ਮਿਲੀਭੁਗਤ ਕਰਕੇ ਰੇਤਾ- ਬੱਜਰੀ ਦੀਆਂ ਗੱਡੀਆਂ ਬਿਨਾਂ ਰਾਇਲਟੀ ਦਿੱਤੇ ਲੰਘਾਉਣ ਦੇ ਦੋਸ਼ ਹੇਠ ਏਐੱਸਆਈ ਅਤੇ ਸੀਨੀਅਰ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਮੁਲਜ਼ਮਾਂ ਦੀ ਪਛਾਣ ਏਐੱਸਆਈ ਸਲਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਲਛਮਣ ਦਾਸ ਵਜੋਂ ਹੋਈ ਹੈ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਰੁਪਿੰਦਰ ਸਿੰਘ ਜੇਈ-ਕਮ- ਮਾਈਨਿੰਗ ਇੰਸਪੈਕਟਰ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਇਹ ਦੋਵੇਂ ਪੁਲੀਸ ਮੁਲਾਜ਼ਮ ਮਾਈਨਿੰਗ ਨਾਕਾ ਢਾਕੀ ’ਤੇ ਨਸ਼ੇ ਦੀ ਹਾਲਤ ’ਚ ਆਪਣੀ ਡਿਊਟੀ ਨਿਭਾਅ ਰਹੇ ਸਨ ਅਤੇ ਰੇਤਾ, ਬੱਜਰੀ ਨਾਲ ਭਰੇ ਟਰੱਕਾਂ ਨੂੰ ਬਿਨਾਂ ਰਾਇਲਟੀ ਦੇ ਨਾਕੇ ਤੋਂ ਲੰਘਾ ਰਹੇ ਸਨ। ਇਸ ਗੈਰ-ਕਾਨੂੰਨੀ ਕੰਮ ਬਾਰੇ ਪੁੱਛਣ ’ਤੇ ਦੋਵਾਂ ਮੁਲਾਜ਼ਮਾਂ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ।
ਜ਼ਿਲ੍ਹਾ ਪੁਲੀਸ ਮੁਖੀ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਪੱਸ਼ਟ ਹੋ ਗਈ ਕਿ ਸਲਵਿੰਦਰ ਸਿੰਘ ਅਤੇ ਲਛਮਣ ਦਾਸ ਦੋਹਾਂ ਦਾ ਨਾਜਾਇਜ਼ ਮਾਈਨਿੰਗ ਕਰਨ ਵਾਲੇ ਟਰਾਂਸਪੋਰਟਰਾਂ ਨਾਲ ਸਬੰਧ ਹੈ। ਇਸ ’ਤੇ ਸਹਾਇਕ ਸਬ-ਇੰਸਪੈਕਟਰ ਸਲਵਿੰਦਰ ਸਿੰਘ ਅਤੇ ਉਸ ਦੇ ਅਧੀਨ ਸੀਨੀਅਰ ਕਾਂਸਟੇਬਲ ਲਛਮਣ ਦਾਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ-1988 ਦੀ ਧਾਰਾ 7 ਅਤੇ 353, 186, 34 ਆਈਪੀਸੀ ਤਹਿਤ ਥਾਣਾ ਡਿਵੀਜ਼ਨ ਨੰਬਰ 2 ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ।
ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਪੁਲੀਸ ਅਧਿਕਾਰੀ/ਕਰਮਚਾਰੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।