ਪੱਟੀ: ਇਲਾਕੇ ਦੇ ਪਿੰਡ ਦੁੱਬਲੀ ਅੰਦਰ ਕੁਝ ਲੋਕਾਂ ਵੱਲੋਂ ਵੈਬ ਚੈਨਲ ਦੇ ਪੱਤਰਕਾਰ ਜਸਬੀਰ ਸਿੰਘ ਦੇ ਸਿਰ ਵਿੱਚ ਲੋਹੇ ਦੀ ਰਾੜ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਉਸ ਨੂੰ ਨਾਜ਼ੁਕ ਹਾਲਤ ਵਿੱਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸਬੀਰ ਸਿੰਘ ਪਿੰਡ ਦੇ ਮਜ਼ਦੂਰ ਪਰਿਵਾਰ ਨਾਲ ਹੁੰਦੀ ਸਿਆਸੀ ਸ਼ਰੀਕੇਬਾਜੀ ਖ਼ਿਲਾਫ਼ ਆਵਾਜ਼ ਚੁੱਕਦਾ ਸੀ ਜਿਸ ਤੋਂ ਨਾਰਾਜ਼ ਲੋਕਾਂ ਦੀ ਸ਼ਹਿ ’ਤੇ ਮੁਲਜ਼ਮਾਂ ਵੱਲੋਂ ਇਹ ਹਮਲਾ ਕੀਤਾ ਗਿਆ। ਇਸ ਘਟਨਾ ਦੀ ਨਿਖੇਧੀ ਕਰਦਿਆਂ ਪੱਟੀ ਪ੍ਰੈਸ ਗਰੁੱਪ ਦੇ ਪ੍ਰਧਾਨ ਬਲਦੇਵ ਸਿੰਘ ਸੰਧੂ ਨੇ ਪੁਲੀਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਕਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਡੀਐੱਸਪੀ ਪੱਟੀ ਜਸਪਾਲ ਸਿੰਘ ਢਿੱਲੋਂ ਅਤੇ ਥਾਣਾ ਸਦਰ ਪੱਟੀ ਦੇ ਐੱਸਐੱਚਓ ਹਰਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। -ਪੱਤਰ ਪ੍ਰੇਰਕ