ਨਰਿੰਦਰ ਸਿੰਘ
ਭਿੱਖੀਵਿੰਡ, 30 ਜਨਵਰੀ
ਸੰਯੁਕਤ ਸਮਾਜ ਮੋਰਚਾ ਦੇ ਖੇਮਕਰਨ ਤੋਂ ਉਮੀਦਵਾਰ ਸੁਰਜੀਤ ਸਿੰਘ ਭੂਰਾ ਦੇ ਹੱਕ ਵਿਚ ਡਾ. ਸਵੈਮਾਣ ਸਿੰਘ, ਕੰਵਲਪ੍ਰੀਤ ਸਿੰਘ ਪੰਨੂ ਸਮੇਤ ਹੋਰ ਆਗੂਆਂ ਨੇ ਚੋਣ ਪ੍ਰਚਾਰ ਕੀਤਾ।
ਇਸ ਮੌਕੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਸੁਰਜੀਤ ਸਿੰਘ ਭੂਰਾ ਨੇ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਾ ਮੁਕਤ ਸਮਾਜ ਦੇਣ ਭਰੋਸਾ ਦਿਵਾਇਆ। ਇਸ ਮੌਕੇ ਸੂਬਾਈ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਪੰਨੂ ਨੇ ਕਿਹਾ 6 ਸਰਹੱਦੀ ਜ਼ਿਲ੍ਹਿਆਂ ਵਿਚ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਨੇ ਆਪਣੇ ਮੁਆਵਜ਼ੇ ਦੇ ਹੱਕ ਲਈ ਸੰਘਰਸ਼ ਕੀਤਾ ਪਰ ਅੱਜ ਵੀ ਕੇਂਦਰ ਅਤੇ ਰਾਜ ਸਰਕਾਰ ਉਨ੍ਹਾਂ ਦੇ ਮੁਆਵਜ਼ੇ ਦੇ ਬਕਾਇਆ ਪੈਸੇ ਨਹੀਂ ਦੇ ਰਹੇ ਜਿਸ ਲਈ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਡਾ. ਸਵੈਮਾਣ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਅੱਜ ਉਹ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਹਿਮਾਚਲ ਨੂੰ ਪਾਣੀ ਦੇ ਪੈਸੇ ਦਿੱਤੇ ਜਾ ਰਹੇ ਹਨ, ਪਰ ਪੰਜਾਬ ਦੇ ਪਾਣੀ ਉੱਪਰ ਪੰਜਾਬ ਦਾ ਹੱਕ ਹੋਣ ਦੇ ਬਾਵਜੂਦ ਪੰਜਾਬ ਨੂੰ ਪਾਣੀ ਤੋਂ ਮਿਲਣ ਵਾਲੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਧਰਤੀ ਬੰਜਰ ਹੋਣ ਵੱਲ ਵੱਧ ਰਹੀ ਹੈ ਸੂਬੇ ਦਾ 75 ਫ਼ੀਸਦ ਪਾਣੀ ਸੂਬੇ ਤੋਂ ਬਾਹਰ ਜਾ ਰਿਹਾ ਹੈ। ਉਨ੍ਹਾਂ ਖੇਤੀ ਲਈ ਨਹਿਰੀ ਪਾਣੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪੀਣ ਯੋਗ ਸਾਫ ਪਾਣੀ ਨਹੀਂ। ਸਰਹੱਦੀ ਖੇਤਰ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ। ਲੋਕ ਕੈਂਸਰ ਅਤੇ ਕਾਲੇ ਪੀਲੀਏ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਕੇਜਰੀਵਾਲ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਵਿਚੋਂ ਪੰਜਾਬੀ ਮਾਤ ਭਾਸ਼ਾ ਨੂੰ ਖ਼ਤਮ ਕਰਕੇ ਹਿੰਦੀ ਨੂੰ ਬੜ੍ਹਾਵਾ ਦਿੱਤਾ ਜਾ ਸਕਦਾ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਆਪਣੀ ਹੋਂਦ ਗੁਆ ਲਵੇਗਾ। ਉਨ੍ਹਾਂ ਕਿਹਾ ਸੰਯੁਕਤ ਸਮਾਜ ਮੋਰਚੇ ਨੂੰ ਜਿਤਾਉਗੇ ਤਾਂ ਸ਼ਹਿਰਾਂ, ਪਿੰਡਾਂ ਵਿਚ ਚੰਗੇ ਸਕੂਲ ਖੋਲ੍ਹੇ ਜਾਣਗੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਨਸ਼ਾ, ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ ਪਾਕਿਸਤਾਨ ਨਾਲ ਲੱਗਦੇ ਪੰਜਾਬ ਬਾਰਡਰ ਖੋਲ੍ਹਣ ਦੀ ਵੀ ਕੀਤੀ ਪੈਰਵੀ ਵੀ ਮੰਗ ਕੀਤੀ।