ਨਿੱਜੀ ਪੱਤਰ ਪ੍ਰੇਰਕ
ਬਟਾਲਾ, 12 ਜੂਨ
ਨੇੜਲੇ ਪਿੰਡ ਭਾਗੋਵਾਲ ਅਤੇ ਲੰਗਰਵਾਲ ਵਿੱਚ ਡੀਸੀ ਮੁਹੰਮਦ ਇਸ਼ਫਾਕ ਨੇ ਕਿਸਾਨਾਂ ਨੂੰ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ। ਪਿੰਡ ਭਾਗੋਵਾਲ ਵਿੱਚ ਕਿਸਾਨਾਂ ਨਾਲ ਗੱਲ ਕਰਦਿਆਂ ਡੀਸੀ ਨੇ ਕਿਹਾ ਕਿ ਇੱਕ ਏਕੜ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 25 ਲੱਖ ਲਿਟਰ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਜੇਕਰ ਹਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰੇ ਤਾਂ ਬਹੁਤ ਸਾਰਾ ਪਾਣੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਮਾਲੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਦੇ ਮਾਹਿਰ ਡਾ. ਰਣਬੀਰ ਸਿੰਘ ਠਾਕੁਰ, ਡਾ. ਸ਼ਾਹਬਾਜ਼ ਸਿੰਘ ਚੀਮਾ ਅਤੇ ਡਾ. ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਖੇਤੀ ਲਾਗਤ ਖਰਚਾ ਘੱਟਦਾ ਹੈ ਅਤੇ ਫਸਲ ਦਾ ਝਾੜ ਵੀ ਪੂਰਾ ਨਿਕਲਦਾ ਹੈ। ਇਸ ਮੌਕੇ ਡੀਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਟਸਐਪ ਹੈਲਪਲਾਈਨ ਨੰਬਰ 62391-39973 ਵੀ ਜਾਰੀ ਕੀਤਾ ਗਿਆ ਹੈ ਜਿਸ ’ਤੇ ਨਸ਼ੇ ਦੇ ਪੀੜਤ ਦਾ ਇਲਾਜ ਕਰਵਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ।