ਬਾਬਾ ਬਲਬੀਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਚਿੰਤਾ ਪ੍ਰਗਟਾਈ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਕੌਲਪੁਰ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਬੁੱਢਾ ਦਲ ਦੇ ਹੈੱਡ ਕੁਆਰਟਰ ਬੁਰਜ ਅਕਾਲੀ ਫੂਲਾ ਸਿੰਘ ਤੋਂ ਜਾਰੀ ਲਿਖਤੀ ਬਿਆਨ ਵਿੱਚ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਪਿੱਛੇ ਉਹ ਸ਼ਕਤੀਆਂ ਕੰਮ ਕਰ ਰਹੀਆਂ ਹਨ, ਜੋ ਸਰਬੱਤ ਦੇ ਭਲੇ, ਮਨੁੱਖੀ ਭਾਈਚਾਰੇ ਅਤੇ ਰੱਬੀ ਏਕਤਾ ਦਾ ਸੰਦੇਸ਼ ਦੇਣ ਵਾਲੇ ਸਰਬ ਸਾਂਝੀਵਾਲਤਾ ਦੇ ਰਹਿਬਰ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਲਈ ਖ਼ਤਰਾ ਸਮਝਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਲੋਕ ਇਨਸਾਨ ਕਹਾਉਣ ਦੇ ਹੱਕਦਾਰ ਨਹੀਂ ਹਨ ਸਗੋਂ ਇਨਸਾਨੀਅਤ ਦੇ ਦੁਸ਼ਮਣ ਹਨ।
ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਦੇਸ਼ ਧਰੋਹ ਅਤੇ ਐੱਨਐੱਸਏ ਵਰਗੇ ਸਖ਼ਤ ਕਾਨੂੰਨਾਂ ਤਹਿਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ ਕਿਉਂਕਿ ਗੁਰੂ ਗ੍ਰੰਥ ਸਾਹਿਬ ਦੇ ਅਪਮਾਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਜੰਮੂ ਦੇ ਸਾਂਬਾ ਜ਼ਿਲ੍ਹੇ ਵਿਚ ਬੇਅਦਬੀ ਦੀ ਵਾਪਰੀ ਘਟਨਾ ਦੀ ਨਿਰਪੱਖ ਏਜੰਸੀ ਤੋਂ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਘਟਨਾ ਦੇ ਪਿੱਛੇ ਸਾਜ਼ਿਸ਼ਕਾਰੀ ਤਾਕਤਾਂ ਅਤੇ ਉਨ੍ਹਾਂ ਦੀ ਨਾਪਾਕ ਮਨਸ਼ਾ ਨੂੰ ਵੀ ਬੇਪਰਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਦੇਸ਼ ਦੇ ਕਾਨੂੰਨ ਵਿਚ ਸੋਧ ਕਰਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਪ੍ਰਬੰਧ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।