ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 12 ਫਰਵਰੀ
ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਹਲਕਾ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਹਲਕੇ ਦੇ ਪਿੰਡ ਜਾਗੋਵਾਲ ਬਾਂਗਰ ਵਿੱਚ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਹਲਕੇ ਦੇ ਸਮੁੱਚੇ ਵਿਕਾਸ ਦੇ ਨਾਲ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਉੱਪਰ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਸ੍ਰੀ ਬਾਜਵਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਲੜੇ ਲਾਮਿਸਲ ਸੰਘਰਸ਼ ਵਿੱਚ ਕਾਂਗਰਸ ਪਾਰਟੀ ਦਾ ਕਿਸਾਨਾਂ ਨਾਲ ਮਿੱਤਰਤਾ ਪੂਰਨ ਵਿਵਹਾਰ ਹੀ ਨਹੀਂ ਰਿਹਾ, ਸਗੋਂ ਉਨ੍ਹਾਂ ਨੇ ਸੰਸਦ ਅਤੇ ਵਿਧਾਨ ਸਭਾ ਅੰਦਰ ਵੀ ਕਿਸਾਨ ਹੱਕਾਂ ਲਈ ਜ਼ੋਰਦਾਰ ਮੰਗ ਉਠਾ ਕੇ ਕਿਸਾਨ ਹਿੱਤਾਂ ਦਾ ਪੱਖ ਪੂਰਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉੱਤੇ ਕਿਸਾਨ ਹਿੱਤਾਂ ਨੂੰ ਵਿਸ਼ੇਸ਼ ਤਰਜੀਹ ਦਿੰਦੇ ਹੋਏ ਇਕ ਹੋਰ ਕਿਸਾਨ ਪੱਖੀ ਨਵੀਂ ਹਰੀ ਕ੍ਰਾਂਤੀ ਲਿਆਂਦੀ ਜਾਵੇਗੀ, ਜਿਸ ਨਾਲ ਖੇਤੀਬਾੜੀ ਧੰਦੇ ਨਾਲ ਜੁੜੇ ਸਮੁੱਚੇ ਲੋਕਾਂ ਦੀ ਆਰਥਿਕਤਾ ਮਜ਼ਬੂਤ ਹੋਵੇਗੀ । ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਰਬਜੀਤ ਸਿੰਘ ਜਾਗੋਵਾਲ ਅਤੇ ਸਾਥੀਆਂ ਨੂੰ ਜੀ ਆਇਆਂ ਕਿਹਾ।
ਬੱਗਾ ਸਾਥੀਆਂ ਸਣੇ ਕਾਂਗਰਸ ਵਿੱਚ ਸਾਮਲ
ਧਾਰੀਵਾਲ(ਸੁੱਚਾ ਸਿੰਘ ਪਸਨਾਵਾਲ): ਕਾਂਗਰਸੀ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਫੱਜੂਪੁਰ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਬੱਗਾ ਸਾਥੀਆਂ ਸਣੇ ‘ਆਪ’ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਬਾਜਵਾ ਨੇ ਕਾਂਗਰਸ ’ਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਦਾ ਮਾਣ ਸਤਿਕਾਰ ਬਹਾਲ ਰਹੇਗਾ।