ਹਰਜੀਤ ਸਿੰਘ ਪਰਮਾਰ
ਬਟਾਲਾ, 15 ਜਨਵਰੀ
ਬਟਾਲਾ ਸ਼ਹਿਰ ਦੇ ਇੱਕ ਉੱਘੇ ਕਾਰੋਬਾਰੀ ਦੇ ਲੜਕੇ ਨੇ ਅੱਜ ਤੜਕਸਾਰ ਆਪਣੀ ਫੈਕਟਰੀ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਮ੍ਰਿਤਕ ਨੇ ਖੁਦਕੁਸ਼ੀ ਨੋਟ ਲਿਖ ਕੇ ਖੁਦ ਹੀ ਵੱਟਸਐਪ ਗਰੁੱਪਾਂ ਵਿੱਚ ਵਾਇਰਲ ਕਰ ਦਿੱਤਾ ਜਿਸ ਵਿੱਚ ਉਸ ਨੇ ਆਪਣੇ ਭਰਾ ਖਿਲਾਫ਼ ਹੀ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਕਥਿੱਤ ਦੋਸ਼ ਲਾਏ ਹਨ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (40) ਪੁੱਤਰ ਜਸਵਿੰਦਰ ਸਿੰਘ ਵਾਸੀ ਕ੍ਰਿਸ਼ਨਾ ਨਗਰ ਬਟਾਲਾ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਪਰਮਿੰਦਰ ਸਿੰਘ ਨੇ ਅੰਮ੍ਰਿਤਸਰ ਰੋਡ ’ਤੇ ਸਥਿੱਤ ਆਪਣੀ ਫੈਕਟਰੀ ਨਿਊ ਪੰਜਾਬ ਮਕੈਨੀਕਲ ਵਰਕਸ ਵਿੱਚ ਅੱਜ ਤੜਕਸਾਰ ਪਹਿਲਾਂ ਖੁਦਕੁਸ਼ੀ ਨੋਟ ਲਿਖ ਕੇ ਵੀਡੀਓ ਬਣਾਈ ਅਤੇ ਆਪਣਾ ਖੁਦਕੁਸ਼ੀ ਨੋਟ ਖੁਦ ਹੀ ਸਾਰੇ ਵਟਸਐਪ ਗਰੁੱਪਾਂ ਵਿੱਚ ਭੇਜਣ ਉਪਰੰਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਖੁਦਕੁਸ਼ੀ ਨੋਟ ਵਿੱਚ ਆਪਣੇ ਭਰਾ ਖਿਲਾਫ਼ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ ਲਾਏ ਹਨ। ਪੁਲੀਸ ਅਨੁਸਾਰ ਮ੍ਰਿਤਕ ਨੇ ਆਪਣੀ ਫੈਕਟਰੀ ਵਿੱਚ ਕਰੇਨ ਮਸ਼ੀਨ ਦੀ ਹੁੱਕ ਨਾਲ ਸਾਫਾ ਬੰਨ੍ਹ ਕੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਦੀ ਪਤਨੀ ਦਿਲਰਾਜ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਘਰ ਤੋਂ ਜਿੰਮ ਗਿਆ ਸੀ ਪਰ ਦੋ ਘੰਟੇ ਬਾਅਦ ਕਿਸੇ ਦਾ ਫੋਨ ਆਇਆ ਕਿ ਉਸ ਦੇ ਪਤੀ ਨੇ ਖੁਦਕੁਸ਼ੀ ਕਰ ਲਈ ਹੈ। ਥਾਣਾ ਸਿਵਲ ਲਾਈਨਜ਼ ਦੇ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਮਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਖੁਦਕੁਸ਼ੀ ਨੋਟ ਅਤੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮ੍ਰਿਤਕ ਪਰਮਿੰਦਰ ਸਿੰਘ ਦੇ ਭਰਾ ਜਗਦੀਪ ਸਿੰਘ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਹੈ ।