Bhagwant Mann Amritsar Visit: ਭਗਵੰਤ ਮਾਨ ਵਿਦਿਆਰਥਣਾਂ ਨਾਲ ਰੂ-ਬ-ਰੂ
ਮੁੱਖ ਮੰਤਰੀ ਦੀ ਅਚਨਚੇਤ ਕਾਲਜ ਫੇਰੀ ਦਾ ਵਿਦਿਆਰਥਣਾਂ ਵੱਲੋਂ ਭਰਵਾਂ ਸਵਾਗਤ
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ ਵਿੱਚ ਵਿਦਿਆਰਥਣਾਂ ਨਾਲ ਰੂ-ਬ-ਰੂ ਹੋਏ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਬੱਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।
ਮੁੱਖ ਮੰਤਰੀ ਮਾਨ ਨੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵਿੱਦਿਅਕ, ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਲੜਕੀਆਂ ਹਰ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਵਿਦਿਆਰਥਣਾਂ ਨੂੰ ਜੀਵਨ ਵਿੱਚ ਨਿਰੰਤਰ ਅੱਗੇ ਵਧਣ ਲਈ ਉਤਸ਼ਾਹ ਅਤੇ ਦ੍ਰਿੜ੍ਹ ਸੰਕਲਪ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਵਿਦਿਆਰਥਣਾਂ ਨਾਲ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਾਲਜ ਦੀਆਂ ਵਿੱਦਿਅਕ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਾਲਜ ਵਿੱਚ ਆਡੀਟੋਰੀਅਮ ਦੇ ਸੁਚੱਜੇ ਪ੍ਰਬੰਧ ਅਤੇ ਵਿਦਿਆਰਥਣਾਂ ਦੀ ਸਹੂਲਤ ਲਈ ਬੱਸ ਸੇਵਾ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਮੁੱਖ ਮੰਤਰੀ ਦੀ ਅਚਨਚੇਤ ਕਾਲਜ ਫੇਰੀ ਦਾ ਵਿਦਿਆਰਥਣਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਦਿਆਰਥਣਾਂ ਨੇ ਮੁੱਖ ਮੰਤਰੀ ਨਾਲ ਰੂ-ਬ-ਰੂ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਮੌਕੇ ਨੂੰ ਯਾਦਗਾਰੀ ਦੱਸਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਕਿਰਨਜੀਤ ਬੱਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਲਜ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

