ਕੇ.ਪੀ ਸਿੰਘ
ਗੁਰਦਾਸਪੁਰ, 22 ਜਨਵਰੀ
ਭਾਜਪਾ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਸੰਤੋਸ਼ ਮਹਾਜਨ ਭਾਜਪਾ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਵਿਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁੰ ਖਾ ਕੇ ਸਰਕਾਰ ਬਣਾਈ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਸਾਰੇ 29 ਵਾਰਡਾਂ ਤੋਂ ਪਾਰਟੀ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਅਤੇ ਜਲਦੀ ਹੀ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਭਾਜਪਾ ਛੱਡ ਅਕਾਲੀ ਦਲ ਵਿਚ ਸ਼ਾਮਲ ਹੋਈ ਸੰਤੋਸ਼ ਮਹਾਜਨ ਨੇ ਕਿਹਾ ਕਿ ਗੁਰਬਚਨ ਸਿੰਘ ਬੱਬੇਹਾਲੀ ਨੇ ਵਿਧਾਇਕ ਰਹਿੰਦੇ ਹੋਏ ਬਿਨਾਂ ਕਿਸੇ ਭੇਦਭਾਵ ਵਿਕਾਸ ਕਾਰਜ ਕਰਵਾਏ ਸੀ ਜਿਸ ਨਾਲ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਭਾਜਪਾ ਛੱਡ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।