ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਲਾਏ ਗਏ ਪੱਕੇ ਮੋਰਚੇ ਦੇ ਅੱਜ ਬਾਰ੍ਹਵੇਂ ਦਿਨ ਪੁਲੀਸ ਅਧਿਕਾਰੀ ਦਾ ਪੁਤਲਾ ਸਾੜ ਕੇ ਰੋਸ ਦਿਖਾਵਾ ਕੀਤਾ ਗਿਆ। ਜਥੇਬੰਦੀ ਦੇ ਕਾਰਕੁਨਾਂ ਨੇ ਜ਼ਿਲ੍ਹਾ ਹੈੱਡਕੁਆਰਟਰ ਦੇ ਮੁੱਖ ਗੇਟ ’ਤੇ ਦਿਹਾਤੀ ਪੁਲੀਸ ਦੇ ਡੀ ਐੱਸ ਪੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ । ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਕਿਸਾਨ ਆਗੂ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਦੋਸ਼ ਲਾਇਆ ਕਿ ਸਿਆਸੀ ਸ਼ਹਿ ਤੇ ਸੰਘਰਸ਼ਸ਼ੀਲ ਲੋਕਾਂ ਉੱਪਰ ਦਬਾਅ ਪਾਉਣ ਅਤੇ ਡਰਾਉਣ ਦਾ ਯਤਨ ਕੀਤਾ ਜਾ ਰਿਹਾ। ਇਹ ਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੁਜ਼ਾਰਿਆਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਅਤੇ ਹੋਰ ਲੰਬਿਤ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਹੜ ਪੀੜਤਾਂ, ਮੁਜ਼ਾਹਰਿਆਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਬਿਲਕੁਲ ਨਹੀਂ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਕਿਸਾਨ, ਮਜ਼ਦੂਰਾਂ ਦੀਆਂ 13 ਮੰਗਾਂ ਨੂੰ ਲੈ ਕੇ ਇਹ ਮੋਰਚਾ ਜਾਰੀ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਪਰਗਟ ਸਿੰਘ ਧਰਮਕੋਟ, ਕੁਲਬੀਰ ਸਿੰਘ ਜੇਠੂਵਾਲ , ਬਾਬਾ ਰਾਜਨ ਸਿੰਘ, ਜੋਗਿੰਦਰ ਸਿੰਘ ਬੁਰਜ ,ਗੁਰਮੀਤ ਸਿੰਘ ਗੋਰੇਨੰਗਲ, ਇੰਦਰਜੀਤ ਸਿੰਘ ਭਕਨਾ ,ਦਲਬੀਰ ਸਿੰਘ ਮੱਝਵਿੰਡ ,ਜਗਪ੍ਰੀਤ ਸਿੰਘ ਹਾਜ਼ਰ ਸਨ।

