ਦੁਬਈ ਤੋਂ ਖੰਨਾ ਵਾਸੀ ਦੀ ਲਾਸ਼ ਅੰਮ੍ਰਿਤਸਰ ਪੁੱਜੀ
ਲੁਧਿਆਣਾ ਜ਼ਿਲ੍ਹੇ ਦੇ ਖੰਨਾ ਨਾਲ ਸਬੰਧਿਤ 50 ਸਾਲਾ ਅਸ਼ੋਕ ਕੁਮਾਰ ਪੁੱਤਰ ਗਿਰਧਾਰੀ ਲਾਲ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪੁੱਜਿਆ, ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ ਐੱਸ ਪੀ ਸਿੰਘ ਓਬਰਾਏ ਨੇ ਦੱਸਿਆ ਕਿ ਅਸ਼ੋਕ ਕੁਮਾਰ ਪਰਿਵਾਰ ਦੀ ਬਿਹਤਰੀ ਲਈ ਪਿਛਲੇ 7 ਸਾਲਾਂ ਤੋਂ ਦੁਬਈ ਵਿੱਚ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਸੰਪਰਕ ਕਰ ਕੇ ਦੱਸਿਆ ਸੀ ਕਿ ਬੀਤੀ 26 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਸ਼ੋਕ ਕੁਮਾਰ ਦੀ ਦੁਬਈ ਵਿੱਚ ਮੌਤ ਹੋ ਗਈ ਸੀ। ਪਰਿਵਾਰ ਮੁਤਾਬਿਕ ਅਸ਼ੋਕ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਜ਼ਿੰਮੇਵਾਰੀ ਦੁਬਈ ਸਥਿਤ ਭਾਰਤੀ ਦੂਤਾਵਾਸ ਵੱਲੋਂ ਨਿਭਾਈ ਜਾ ਰਹੀ ਹੈ ਪਰ ਉਨ੍ਹਾਂ ਨੂੰ ਹਵਾਈ ਅੱਡਾ ਅੰਮ੍ਰਿਤਸਰ ਤੋਂ ਦੇਹ ਘਰ ਤੱਕ ਲੈ ਕੇ ਜਾਣ ਲਈ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਦੀ ਲੋੜ ਹੈ। ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ ’ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਤਕ ਭੇਜਿਆ ਗਿਆ ਹੈ।
