ਹਰਜੀਤ ਸਿੰਘ ਪਰਮਾਰ
ਬਟਾਲਾ, 4 ਜੂਨ
ਨੇੜਲੇ ਪਿੰਡ ਚੌਧਰੀਵਾਲ ਦੇ ਸੂਏ ਦੇ ਪੁਲ ’ਤੇ ਵਾਪਰੇ ਸੜਕ ਹਾਦਸੇ ਵਿੱਚ ਬਾਰਾਂ ਸਾਲਾਂ ਲੜਕੇ ਦੀ ਮੌਤ ਹੋ ਗਈ ਜਦ ਕਿ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਲੜਕੇ ਦੀ ਸ਼ਨਾਖ਼ਤ ਕਰਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਬੱਦੋਵਾਲ ਵਜੋਂ ਹੋਈ ਹੈ। ਹਾਦਸੇ ਮਗਰੋਂ ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਇਸ ਸਬੰਧੀ ਜਾਂਚ ਅਧਿਕਾਰੀ ਏਐੱਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਪ੍ਰਕਾਸ਼ਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ (19) ਵਾਸੀ ਪਿੰਡ ਬੱਦੋਵਾਲ ਆਪਣੇ ਪਿੰਡ ਦੇ ਹੀ ਕਰਨਪ੍ਰੀਤ ਸਿੰਘ (12) ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਚੌਧਰੀਵਾਲ ਜਾ ਰਹੇ ਸਨ ਕਿ ਜਦੋਂ ਉਹ ਸੂਏ ਦੇ ਪੁਲ਼ ’ਤੇ ਪਹੁੰਚੇ ਤਾਂ ਪਿੰਡ ਜਾਲੀਆਂ ਤਰਫੋਂ ਪਿੰਡ ਭੰਬੋਈ ਵੱਲ਼ ਜਾ ਰਹੇ ਮੋਟਰਸਾਈਕਲ ਸਵਾਰ ਦਵਿੰਦਰ ਸਿੰਘ ਵਾਸੀ ਪਿੰਡ ਸੱਖੋਵਾਲ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਮੋਟਰਸਾਈਕਲ ਸਮੇਤ ਸੂਏ ਵਿੱਚ ਜਾ ਡਿੱਗੇ ਅਤੇ ਗੰਭੀਰ ਜ਼ਖਮੀ ਹੋ ਗਏ।
ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਜਿੱਥੇ ਕਰਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਦੂਜਾ ਮੋਟਰਸਾਈਕਲ ਸਵਾਰ ਦਵਿੰਦਰ ਸਿੰਘ ਵੀ ਹਾਦਸੇ ਦੌਰਾਨ ਜ਼ਖਮੀ ਹੋ ਗਿਆ ਜਿਸ ਦਾ ਇਲਾਜ ਬਟਾਲਾ ਦੇ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਥਾਣਾ ਮੁਖੀ ਮਨਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦਵਿੰਦਰ ਸਿੰਘ ਵਾਸੀ ਸੱਖੋਵਾਲ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।