ਬਜਟ ਪੰਜਾਬ, ਕਿਸਾਨ ਤੇ ਗਰੀਬ ਵਿਰੋਧੀ ਕਰਾਰ
ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸੰਸਦ ’ਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪੂਰੀ ਤਰ੍ਹਾਂ ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਤੇ ਗਰੀਬ ਵਿਰੋਧੀ ਦੱਸਿਆ। ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ...
ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸੰਸਦ ’ਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪੂਰੀ ਤਰ੍ਹਾਂ ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਤੇ ਗਰੀਬ ਵਿਰੋਧੀ ਦੱਸਿਆ। ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫ਼ਿਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੰਜਾਬ ਦਾ ਲਗਪਗ 10 ਹਜ਼ਾਰ ਕਰੋੜ ਰੁਪਏ ਦਾ ਆਰ ਡੀ ਐੱਫ (ਪੇਂਡੂ ਵਿਕਾਸ ਫੰਡ) ਕੇਂਦਰ ਸਰਕਾਰ ਕੋਲ ਬਕਾਇਆ ਹੈ, ਫਿਰ ਵੀ ਬਜਟ ਵਿੱਚ ਇਸ ਦੀ ਅਦਾਇਗੀ ਦਾ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਦੀ ਕਾਨੂੰਨੀ ਗਾਰੰਟੀ ਲਈ ਕੋਈ ਪ੍ਰਬੰਧ ਸ਼ਾਮਲ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੇ ਬਾਵਜੂਦ, ਉਨ੍ਹਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਹੋਈ।
ਤਰਨ ਤਾਰਨ, (ਗੁਰਬਖਸ਼ਪੁਰੀ): ਕਈ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਬਜਟ ਨੂੰ ਪੂਰੀ ਤਰ੍ਹਾਂ ਨਾਲ ਫਿੱਕਾ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਬਰਾਬਰ ਆਖਿਆ ਹੈ| ਜਮਹੂਰੀ ਕਿਸਾਨ ਸਭਾ ਦੇ ਆਗੂ ਦਲਜੀਤ ਸਿੰਘ ਦਿਆਲਪੁਰਾ ਨੇ ਕਿਰਤੀ ਕਿਸਾਨ ਯੂਨੀਅਨ ਦੇ ਬਜਟ ਨੂੰ ਕਿਸਾਨਾਂ ਦੇ ਹਿੱਤਾਂ ਤੋਂ ਕੋਹਾਂ ਦੂਰ ਆਖਦਿਆਂ ਕਿਹਾ ਕਿ ਬਜਟ ਵਿੱਚ 60 ਸਾਲ ਤੋਂ ਉੱਪਰ ਦੇ ਕਿਸਾਨਾਂ ਨੂੰ ਬੁਢਾਪਾ ਪੈਨਸ਼ਨ ਨਾ ਦੇਣ ਲਈ ਚੁੱਪ ਧਾਰ ਲਈ ਹੈ| ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਜਟ ਵਿੱਚ ਕੁਦਰਤੀ ਆਫਤਾਂ ਨਾਲ ਕਿਸਾਨ ਦੀ ਪੂਰੀ ਦੀ ਪੂਰੀ ਫਸਲ ਦੇ ਤਬਾਹ ਹੋ ਜਾਣ ਦੇ 100 ਫ਼ੀਸਦ ਮੁਆਵਜ਼ਾ ਦੇਣ ਲਈ ਕੋਈ ਕਦਮ ਨਹੀਂ ਚੁੱਕਿਆ|
ਬਜਟ ਵਿੱਚ ਪੰਜਾਬ ਅਣਗੋਲਿਆ: ਦਿਨੇਸ਼ ਬੱਸੀ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕਾਂਗਰਸੀ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਅਤੇ ਆਮ ਲੋਕ ਸਿੱਖਿਆ, ਸਿਹਤ ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਕੇਂਦਰ ਸਰਕਾਰ ਇਨ੍ਹਾਂ ਭਖਦੇ ਮੁੱਦਿਆਂ ’ਤੇ ਪੂਰੀ ਤਰ੍ਹਾਂ ਚੁੱਪ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਦੇ ਦੌਰੇ ਦੇ ਬਾਵਜੂਦ, ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ‘ਤੇ ਕੋਈ ਚਰਚਾ ਨਹੀਂ ਹੋਈ, ਨਾ ਹੀ ਵਧਦੀ ਬੇਰੁਜ਼ਗਾਰੀ ਬਾਰੇ ਕੋਈ ਠੋਸ ਐਲਾਨ ਕੀਤਾ ਗਿਆ।
ਬਜਟ ਵਿੱਚ ਦੂਰ ਅੰਦੇਸ਼ੀ ਦੀ ਘਾਟ: ਗੁਨਬੀਰ ਸਿੰਘ
ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਸੀ ਆਈ ਆਈ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਦਲਬੀਰ ਫਾਊਂਡੇਸ਼ਨ ਦੇ ਮੁਖੀ ਗੁਨਬੀਰ ਸਿੰਘ ਨੇ ਕਿਹਾ ਕਿ 2026-27 ਦੇ ਬਜਟ ਵਿੱਚ ਕੋਈ ਵੱਡੀ ਦੂਰ ਅੰਦੇਸ਼ੀ ਜਾਂ ਉਪਲੱਬਧੀ ਨਜ਼ਰ ਨਹੀਂ ਆਉਂਦੀ। ਉਨ੍ਹਾਂ ਆਖਿਆ ਕਿ ਬਜਟ ਵਿੱਚ 2047 ਤੱਕ ਡੇਟਾ ਸੈਂਟਰਾਂ ਨੂੰ ਟੈਕਸ ਛੋਟ, ਸਸਤੇ ਕਾਰਗੋ ਅਤੇ ਯਾਤਰੀ ਆਵਾਜਾਈ ਨੂੰ ਉਤਸ਼ਾਹਤ ਕਰਨ ਲਈ 20 ਨਵੇਂ ਜਲ ਮਾਰਗ ਕੁਝ ਚੰਗੇ ਹੁਲਾਰੇ ਹਨ। ਖੇਤੀ ਅਧਾਰਤ ਆਯਾਤ ਦੇ ਵੱਲ ਯਤਨ ਗੁੰਮ ਜਾਪਦਾ ਹੈ। ਉਨ੍ਹਾਂ ਬਜਟ ਨੂੰ ਬੇਸੁਆਦਾ ਕਰਾਰ ਦਿੱਤਾ।
ਅੰਮ੍ਰਿਤਸਰ ਸਬੰਧੀ ਕੋਈ ਮੰਗ ਪੂਰੀ ਨਹੀਂ ਹੋਈ : ਅੰਮ੍ਰਿਤਸਰ ਵਿਕਾਸ ਮੰਚ
ਅੰਮ੍ਰਿਤਸਰ: ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਕਿਹਾ ਅੱਜ ਕੇਂਦਰੀ ਬਜਟ ਵਿੱਚੋਂ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਅੰਮ੍ਰਿਤਸਰ ਦੀ ਖੁਸ਼ਹਾਲੀ ਨਾਲ ਸਬੰਧਤ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਪੰਜਾਬ ਅਤੇ ਵਿਸ਼ੇਸ਼ ਕਰਕੇ ਅੰਮ੍ਰਿਤਸਰ ਦੇ ਕਿਸਾਨਾਂ ਅਤੇ ਵਪਾਰੀਆਂ ਦੀਆਂ ਪ੍ਰਤੀਨਿਧ ਜਥੇਬੰਦੀਆਂ ਨੇ ਕੇਂਦਰੀ ਖਜ਼ਾਨਾ ਮੰਤਰੀ ਨੂੰ ਜ਼ਰੂਰੀ ਮੰਗਾਂ ਲਿਖ ਕੇ ਭੇਜੀਆਂ ਗਈਆਂ ਸਨ, ਪਰ ਕੇਂਦਰੀ ਮੰਤਰੀ ਨੇ ਇਨ੍ਹਾਂ ਮੰਗ-ਪੱਤਰਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰ ਦਿੱਤਾ। ਇਸ ਤੋਂ ਇਲਾਵਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ, ਅਫ਼ਗ਼ਾਨਿਸਤਾਨ ਅਤੇ ਮੱਧ ਪੂਰਬ ਦੇਸ਼ਾਂ ਨਾਲ ਆਪਸੀ ਵਪਾਰ ਮੁੜ ਸ਼ੁਰੂ ਕਰਨ ਲਈ ਉਚਿਤ ਮਾਹੌਲ ਸਿਰਜਿਆ ਜਾਵੇ।

