ਪੱਤਰ ਪ੍ਰੇਰਕ
ਪਠਾਨਕੋਟ, 4 ਜੁਲਾਈ
ਇਥੇ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਡੀਈਓ ਜਸਵੰਤ ਸਿੰਘ ਦੀ ਅਗਵਾਈ ਵਿੱਚ ਸਮਾਗਮ ਕੀਤਾ ਗਿਆ। ਇਸ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਪੰਜਾਬ ਅੰਦਰ ਕੁੱਲ 6,635 ਭਰਤੀ ਅਧੀਨ ਅਧਿਆਪਕਾਂ ਵਿੱਚੋਂ ਜ਼ਿਲ੍ਹਾ ਪਠਾਨਕੋਟ ਨਾਲ ਸਬੰਧਿਤ ਨਵ-ਨਿਯੁਕਤ 18 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਮੰਤਰੀ ਨੇ ਇਨ੍ਹਾਂ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਸਿੱਖਿਆ ਦੇ ਖੇਤਰ ਵਿੱਚ ਜ਼ਿਲ੍ਹਾ ਪਠਾਨਕੋਟ ਨੂੰ ਹੋਰ ਅੱਗੇ ਲੈ ਜਾਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਡੀਈਓ ਸੈਕੰਡਰੀ ਜਸਵੰਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੀ ਅਗਵਾਈ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੇ 8ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਵਿੱਚੋਂ ਸੂਬੇ ਦੇ ਬਾਕੀ ਜ਼ਿਲ੍ਹਿਆਂ ਨੂੰ ਪਛਾੜਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਕੈਬਨਿਟ ਵਿੱਚ ਸਾਢੇ 26 ਹਜ਼ਾਰ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਮਤਾ ਪਾਸ ਕੀਤਾ ਸੀ। ਜਿਸ ਉਪਰ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਮੌਕੇ ਪ੍ਰਿੰਸੀਪਲ ਡੀਜੀ ਸਿੰਘ, ਬੀਪੀਈਓ ਕੁਲਦੀਪ ਸਿੰਘ, ਰਾਕੇਸ਼ ਠਾਕੁਰ, ਐਮਆਈਐਸ ਕੋਆਰਡੀਨੇਟਰ ਮੁਨੀਸ਼ ਗੁਪਤਾ, ਤਰੁਣ ਪਠਾਨੀਆ ਆਦਿ ਵੀ ਹਾਜ਼ਰ ਸਨ।
ਅਧਿਆਪਕਾਂ ਦੀ ਭਰਤੀ ਦਾ ਸਵਾਗਤ
ਤਰਨ ਤਾਰਨ(ਪੱਤਰ ਪ੍ਰੇਰਕ): ਇਸ ਸਰਹੱਦੀ ਅਤੇ ਪਿੱਛੜੇ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ 800 ਦੇ ਕਰੀਬ ਨਵੇਂ ਅਧਿਆਪਕਾਂ ਦੀ ਭਰਤੀ ਕੀਤੇ ਜਾਣ ਹਰ ਧਿਰ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਐਲੀਮੈਂਟਰੀ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਗਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਸਿੰਘ , ਬਲਾਕ ਸਿੱਖਿਆ ਅਧਿਕਾਰੀ ਜਸਵਿੰਦਰ ਸਿੰਘ ਕਿਹਾ ਕਿ ਸਰਕਾਰ ਦੀ ਨੀਤੀ ਅਨੁਸਾਰ ਇਨ੍ਹਾਂ ਨਵੇਂ ਭਰਤੀ ਕੀਤੇ ਅਧਿਆਪਕਾਂ ਨੂੰ ਸਰਹੱਦੀ, ਮੰਡ, ਪੇਂਡੂ ਖੇਤਰ ਆਦਿ ਪਿਛੜੇ ਇਲਾਕਿਆਂ ਦੇ ਸਕੂਲਾਂ ਅੰਦਰ ਖਾਲੀ ਚਲਦੀਆਂ ਅਸਾਮੀਆਂ ’ਤੇ ਨਿਯੁਕਤ ਕੀਤਾ ਗਿਆ ਹੈ। ਅਧਿਕਾਰੀਆਂ ਕਿਹਾ ਕਿ ਖਾਲੀ ਅਸਾਮੀਆਂ ਦੇ ਪੂਰ ਕੀਤੇ ਜਾਣ ਨਾਲ ਜ਼ਿਲ੍ਹੇ ਅੰਦਰ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਵੱਲ ਇਕ ਹੋਰ ਸਾਰਥਿਕ ਕਦਮ ਚੁੱਕਿਆ ਜਾ ਸਕੇਗਾ।