ਤਰਸਿੱਕਾ ਬਲਾਕ ਖਤਮ ਕਰਨ ਦੇ ਵਿਰੋਧ ’ਚ ਕੈਬਨਿਟ ਮੰਤਰੀ ਦਾ ਪੁਤਲਾ ਫੂਕਿਆ
ਇਥੋਂ ਨਜ਼ਦੀਕੀ ਸਥਿਤ ਬਲਾਕ ਤਰਸਿੱਕਾ ਨੂੰ ਸਰਕਾਰ ਵੱਲੋਂ ਖਤਮ ਕਰਨ ਦੇ ਵਿਰੋਧ ਵਿੱਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਪੁਤਲਾ ਬਲਾਕ ਤਰਸਿੱਕਾ ਦੇ ਲੋਕਾਂ ਵੱਲੋਂ ਫੂਕਿਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਜੱਬੋਵਾਲ ਦੇ ਵਾਸੀਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖਿਲਾਫ ਲੋਕਾਂ ਦਾ ਗੁੱਸਾ ਸਿਖਰ 'ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਲਾਕ ਤਰਸਿੱਕਾ ਨੂੰ ਖ਼ਤਮ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ, ਅੱਜ ਪਿੰਡ ਜੱਬੋਵਾਲ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਮੰਤਰੀ ਹਰਭਜਨ ਸਿੰਘ ਈਟੀਓ ਦਾ ਪੁਤਲਾ ਫੂਕਿਆ ਅਤੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਬਲਾਕ ਤਰਸਿੱਕਾ ਨੂੰ ਮੁੜ ਬਹਾਲ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਪ੍ਰਦਰਸ਼ਨ ਕਰ ਰਹੇ ਪਿੰਡ ਦੇ ਮੋਹਤਬਰ ਆਗੂਆਂ ਨੇ ਦੱਸਿਆ ਸਰਕਾਰ ਬਲਾਕ ਤਰਸਿੱਕਾ ਨੂੰ ਮੁੜ ਸਰਕਾਰੀ ਗਜ਼ਟ ਵਿੱਚ ਸ਼ਾਮਲ ਕਰੇ ਅਤੇ ਬਲਾਕ ਤਰਸਿੱਕਾ ਨੂੰ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ। ਉਨ੍ਹਾਂ ਕਿਹਾ ਜਦੋਂ ਤੱਕ ਇਹ ਮੰਗ ਪੂਰੀ ਨਹੀਂ ਹੁੰਦੀ, ਉਹ ਕਿਸੇ ਹੋਰ ਲਾਰੇ ਜਾਂ ਝਾਂਸੇ ਵਿੱਚ ਨਹੀਂ ਆਉਣਗੇ। ਲੋਕਾਂ ਨੇ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਜੇਕਰ ਉਨ੍ਹਾਂ ਦੀ ਮੰਗ ਪੂਰੀ ਨਾ ਹੋਈ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਮੰਤਰੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।