ਜਤਿੰਦਰ ਬੈਂਸ
ਗੁਰਦਾਸਪੁਰ, 4 ਅਕਤੂਬਰ
ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਲਈ ਕੇਂਦਰ ਸਰਕਾਰ ਖ਼ਿਲਾਫ਼ ਇੱਥੇ ਰੇਲਵੇ ਲਾਈਨ ਉੱਤੇ ਬੈਠੇ ਕਿਸਾਨਾਂ ਦਾ ਧਰਨਾ ਨਿਰੰਤਰ ਜਾਰੀ ਹੈ। ਧਰਨੇ ਦੌਰਾਨ ਨੌਜਵਾਨ ਸਭਾ ਤੇ ਸਰਵ ਭਾਰਤ ਨੌਜਵਾਨ ਸਭਾ ਵੱਲੋਂ ਹਮਾਇਤ ਦੇਣ ਨਾਲ ਸੰਘਰਸ਼ ਨੇ ਜ਼ੋਰ ਫੜ ਲਿਆ ਹੈ।
ਧਰਨਾਕਾਰੀਆਂ ਨੇ ਮੋਰਚਾ ਜਿੱਤਣ ਲਈ ਆਪਸੀ ਏਕਾ ਬਣਾਈ ਰੱਖਣ ਅਤੇ ਸਿਆਸੀ ਪਾਰਟੀਆਂ ਦੀਆਂ ਲੂੰਮੜ ਚਾਲਾਂ ਪ੍ਰਤੀ ਸੁਚੇਤ ਰਹਿਣ ਦਾ ਸੱਦਾ ਵੀ ਦਿੱਤਾ ਹੈ।
ਬੁਲਾਰਿਆਂ ਨੇ ਭਾਜਪਾ ਆਗੂਆਂ ਦੇ ਬਾਈਕਾਟ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦਾ ਵੀ ਬਾਈਕਾਟ ਕਰਨ ਦੀ ਗੱਲ ਆਖੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਕਾਮਰੇਡ ਗੁਲਜਾਰ ਸਿੰਘ ਬਸੰਤਕੋਟ, ਸਤਬੀਰ ਸਿੰਘ ਸੁਲਤਾਨੀ, ਬਲਬੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਭਾਗੋਕਾਵਾਂ, ਰਘੁਬੀਰ ਸਿੰਘ, ਪਲਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਮੁਸਤਫਾਬਾਦ ਨੇ ਸਮੂਹ ਵਰਗਾਂ ਨੂੰ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਅਤੇ ਕਾਰਪੋਰੇਟ ਘਰਾਣਿਆਂ ਦੇ ਮੁਕੰਮਲ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ।
ਜੈਂਤੀਪੁਰ (ਜਗਤਾਰ ਸਿੰਘ ਛਿੱਤ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਵਾਲੀ ਦੀ ਅਗਵਾਈ ਹੇਠ ਟੌਲ ਪਲਾਜ਼ਾ ਕੱਥੂਨੰਗਲ ਵਿੱਚ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਵੱਡੀ ਗਿਣਤੀ ਵਿਚ ਔਰਤਾਂ ਅਤੇ ਬੱਚੇ ਵੀ ਧਰਨੇ ਵਿੱਚ ਸ਼ਾਮਲ ਹੋਏ।
ਬੁਲਾਰਿਆਂ ਨੇ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਫਾਇਦੇ ਪਹੁੰਚਾਉਣ ਲਈ ਕਿਸਾਨੀ ਨੂੰ ਬਰਬਾਦ ਕਰਨ ਵਾਲੀਆਂ ਲੋਕ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ। ਇਸ ਮੌਕੇ ਟੀਐਸਯੂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਭੋਗਪੁਰ (ਬਲਵਿੰਦਰ ਸਿੰਘ ਭੰਗੂ): ਖੇਤੀ ਕਾਨੂੰਨਾਂ ਵਿਰੁੱਧ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਰੇਲਵੇ ਸਟੇਸ਼ਨ ਭੋਗਪੁਰ ਸੀਰੋਵਾਲ ਦੇ ਸਾਹਮਣੇ ਰੇਲਵੇ ਲਾਈਨ ਉਪਰ ਇਲਾਕੇ ਦੇ ਕਿਸਾਨਾਂ ਨੇ ਦਿਨ-ਰਾਤ ਪੱਕੇ ਤੌਰ ‘ਤੇ ਧਰਨਾ ਲਗਾ ਦਿੱਤਾ ਹੈ ਅਤੇ ਕਿਸਾਨਾਂ ਦੀਆਂ ਧਰਨੇ ਉਪਰ ਬੈਠਣ ਦੀਆਂ ਪਿੰਡ ਪੱਧਰ ‘ਤੇ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਮੌਕੇ ਕਿਸਾਨ ਆਗੂਆਂ ਹਰਸ਼ਲਿੰਦਰ ਸਿੰਘ, ਰਾਕੇਸ਼ ਕੁਮਾਰ, ਹਰਵਿੰਦਰ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਅਟਵਾਲ, ਹਰਦਿਆਲ ਸਿੰਘ ਬੁੱਟਰ ਤੇ ਅਮਰੀਕ ਸਿੰਘ ਸੱਤੋਵਾਲੀ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ।
ਰਿਲਾਇੰਸ ਪੰਪ ਅਣਮਿੱਥੇ ਸਮੇਂ ਲਈ ਬੰਦ ਕਰਵਾਇਆ
ਭੁਲੱਥ (ਦਲੇਰ ਸਿੰਘ ਚੀਮਾ): ਭਾਕਿਯੂ ਕਾਦੀਆਂ ਵੱਲੋਂ ਅੱਜ ਦਿੱਲੀ-ਅੰਮ੍ਰਿਤਸਰ ਹਾਈਵੇਅ ’ਤੇ ਪੈਂਦੇ ਪਿੰਡ ਦਿਆਲਪੁਰ ਹਮੀਰਾ ਵਿੱਚ ਰਿਲਾਇੰਸ ਦੇ ਪੈਟਰੋਲ ਪੰਪ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਵਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਦੱਸਿਆ ਕਿ ਅੰਬਾਨੀਆਂ-ਅਡਾਨੀਆਂ ਦੀ ਸ਼ਹਿ ’ਤੇ ਪਾਸ ਕਰਵਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਾਪਸ ਲੈਣ ਤੱਕ ਲਈ ਇਨ੍ਹਾਂ ਪੂੰਜੀਪਤੀਆਂ ਦੇ ਮਾਲਾਂ, ਪੈਟਰੋਲ ਪੰਪਾਂ ਅਤੇ ਹੋਰ ਅਦਾਰਿਆਂ ਨੂੰ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨਾਂ ਵੱਲੋਂ ਇਨ੍ਹਾਂ ਪੂੰਜੀਪਤੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ।ਇਸ ਮੌਕੇ ਬਲਾਕ ਨਡਾਲਾ ਤੇ ਭੁਲੱਥ ਦੇ ਭਾਕਿਯੂ ਕਾਦੀਆਂ ਦੇ ਵਰਕਰ ਮੌਜੂਦ ਸਨ।
‘ਆਪ’ ਨੇ ਹਸਤਾਖ਼ਰ ਮੁਹਿੰਮ ਆਰੰਭੀ
ਦਸੂਹਾ (ਭਗਵਾਨ ਦਾਸ ਸੰਦਲ): ਆਮ ਆਦਮੀ ਪਾਰਟੀ ਦੇ ਆਗੂ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਕਿਸਾਨੀ ਉੱਪਰ ਥੋਪੇ ਖੇਤੀ ਕਾਨੂੰਨਾਂ ਖ਼ਿਲਾਫ਼ ਹਸਤਾਖਰ ਮੁਹਿੰਮ ਆਰੰਭੀ ਗਈ। ਪੁਰਾਣਾ ਰੇਲਵੇ ਰੋਡ ’ਤੇ ਬੂਥ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਵੱਡੀ ਗਿਣਤੀ ਵਿੱਚ ਆਮ ਲੋਕਾਂ, ਕਿਸਾਨਾਂ ਤੇ ਆਮ ਆਦਮੀ ਪਾਰਟੀ ਵਰਕਰਾਂ ਨੇ ਹਸਤਾਖਰ ਕਰਕੇ ਖੇਤੀ ਕਾਨੂੰਨਾਂ ਖਿਲਾਫ਼ ਆਪਣੀ ਸਹਿਮਤੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰਾਮ ਸ਼ਰਨ ਪ੍ਰਸ਼ਾਰ, ਅਮਰਪ੍ਰੀਤ ਸਿੰਘ, ਕੁਲਦੀਪ ਸਿੰਘ ਚੀਮਾ, ਹਰਪ੍ਰੀਤ ਸਿੰਘ, ਬਵਿੰਦਰ ਸਿੰਘ ਨਾਗੀ ਤੇ ਅੰਮ੍ਰਿਤ ਤਲਵਾੜ ਮੌਜੂਦ ਸਨ।