ਦਲਬੀਰ ਸੱਖੋਵਾਲੀਆ
ਬਟਾਲਾ, 25 ਫਰਵਰੀ
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਚ ਫ਼ਰਵਰੀ 1921 ਵਿਚ ਵਾਪਰੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਟਾਲਾ ਨੇੜਲੇ ਪਿੰਡ ਗੋਧਰਪੁਰ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕੇ ਤੋਂ ਬਾਅਦ ਸ਼ਹੀਦ ਭਾਈ ਲਛਮਣ ਸਿੰਘ ਦਾ ਪਰਿਵਾਰ ਗੋਧਰਪੁਰ ਆ ਕੇ ਵੱਸਿਆ ਸੀ।
ਇਸ ਵਾਰ 101ਵੇਂ ਵਰ੍ਹੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਇਸ ਨਗਰ ਵਿਚ ਹਰ ਸਾਲ ਸ਼ਹੀਦੀ ਸਾਕੇ ਦੀ ਯਾਦ ਮਨਾਈ ਜਾਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਪੰਥ ਵਿਰੋਧੀਆਂ ਸ਼ਕਤੀਆਂ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਤੁਲੀਆਂ ਹੋਈਆਂ ਹਨ। ਜਿਨ੍ਹਾਂ ਦਾ ਇਕਜੁੱਟਤਾ ਨਾਲ ਮੁਕਾਬਲਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਯਤਨ ਕੀਤੇ ਜਾਣ।