ਪੱਤਰ ਪ੍ਰੇਰਕ
ਗੁਰਦਾਸਪੁਰ, 27 ਮਈ
ਜਮਹੂਰੀ ਕਿਸਾਨ ਸਭਾ ਗੁਰਦਾਸਪੁਰ ਦਾ ਜਨਰਲ ਇਜਲਾਸ ਅੱਜ ਸਥਾਨਕ ਸ਼ਹੀਦ ਬਲਜੀਤ ਸਿੰਘ ਭਵਨ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ, ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ, ਸੂਬਾ ਕਮੇਟੀ ਮੈਂਬਰ ਰਘੁਬੀਰ ਸਿੰਘ ਪਕੀਵਾ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਵਾਲ ਆਦਿ ਦੀ ਸਾਂਝੀ ਪ੍ਰਧਾਨਗੀ ਹੇਠ ਹੋਇਆ। ਸਭਾ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਨੇ ਦਿੱਲੀ ਮੋਰਚੇ ਲਈ ਜਥੇਬੰਦੀ ਦੇ ਅਹਿਮ ਯੋਗਦਾਨ ਲਈ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਹੀ ਮੁੜ ਕਿਸਾਨ ਏਕਤਾ ਰਾਹੀਂ ਵਿਸ਼ਾਲ ਸੰਯੁਕਤ ਕਿਸਾਨ ਮੋਰਚਾ ਹੋਂਦ ਵਿੱਚ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਕਿਸਾਨੀ ਹੇਠ ਜ਼ਮੀਨ ਦਾ ਰਕਬਾ ਲਗਾਤਾਰ ਘੱਟ ਰਿਹਾ ਹੈ।
ਆਗੂਆਂ ਕਿਹਾ ਕਿ ਅਸਲ ਵਿੱਚ ਸਰਕਾਰਾਂ ਕਿਸਾਨਾਂ ਨੂੰ ਖੇਤੀ ਕਿਤੇ ਤੋਂ ਵਿਰਵਾ ਕਰ ਕੇ ਮਜ਼ਦੂਰ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੇ ਕਾਰਨ ਨੌਜਵਾਨੀ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਮੱਸਿਆਵਾਂ ਦਾ ਹੱਲ ਜਥੇਬੰਦੀ ਨੂੰ ਮਜ਼ਬੂਤ ਕਰਕੇ ਸਾਂਝੇ ਮੋਰਚੇ ਬਣਾ ਕੇ ਅੱਗੇ ਵੱਧਣ ਨਾਲ ਹੀ ਹੈ।