ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 28 ਅਕਤੂਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਅਹੁਦੇ ਤੋਂ ਹਟਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਗਏ ਪੱਤਰ ਦਾ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਵਿਰੋਧ ਕੀਤਾ ਹੈ।
ਇਸ ਸਬੰਧੀ ਸੱਦੀ ਇੱਕ ਪ੍ਰੈੱਸ ਕਾਨਫਰੰਸ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਸੂਬਾ ਪ੍ਧਾਨ ਬਲਕਰਨ ਸਿੰਘ ਬਰਾੜ ਅਤੇ ਮੀਤ ਪ੍ਰਧਾਨ ਲੱਖਬੀਰ ਸਿੰਘ ਨਿਜ਼ਾਮਪੁਰ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਕਿਸਾਨ ਸਭਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਸੰਵਿਧਾਨਕ ਅਸੂਲਾਂ ਦੀ ਉਲੰਘਣਾ ਕਰ ਕੇ ਉੱਘੇ ਖੇਤੀ ਵਿਗਿਆਨੀ ਡਾ. ਸਤਿਵੀਰ ਸਿੰਘ ਗੋਸਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਦੇ ਅਹੁਦੇ ਤੋਂ ਹਟਾਉਣ ਸਬੰਧੀ ਪੰਜਾਬ ਸਰਕਾਰ ਨੂੰ ਲਿਖੇ ਗਏ ਪੱਤਰ ਦੀ ਜ਼ੋਰਦਾਰ ਨਿਖੇਧੀ ਕਰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਇੱਕ ਖੁਦਮੁਖਤਿਆਰ ਅਦਾਰਾ ਹੈ ਅਤੇ ਇਸ ਦੀ ਆਪਣੀ ਇੱਕ ਸੰਵਿਧਾਨਕ ਬਾਡੀ ਹੈ, ਜਿਸ ਰਾਹੀਂ ਇਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਦੀ ਯੂਨੀਵਰਿਸਟੀ ਨੂੰ ਇੱਕ ਯੋਗ ਉਪ ਕੁਲਪਤੀ ਉੱਘੇ ਖੇਤੀ ਵਿਗਿਆਨੀ ਡਾ. ਸਤਿਵੀਰ ਸਿੰਘ ਗੋਸਲ ਦੇ ਰੂਪ ਵਿੱਚ ਦਿੱਤਾ ਗਿਆ ਹੈ।