ਪੱਤਰ ਪ੍ਰੇਰਕ
ਅਜਨਾਲਾ, 19 ਦਸੰਬਰ
ਘਰ ਵਿੱਚ ਜਬਰੀ ਦਾਖਲ ਹੋ ਕੇ ਮਾਂ-ਧੀ ਨਾਲ ਗਾਲ੍ਹੀ-ਗਲੋਚ ਕਰਨ, ਮਾਰਕੁੱਟ ਕਰਨ ਤੇ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਥਾਣਾ ਅਜਨਾਲਾ ਦੀ ਪੁਲੀਸ ਨੇ ਇਕੋ ਪਰਿਵਾਰ ਦੇ ਪੰਜ ਜੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਸਬ ਇੰਸਪੈਕਟਰ ਰਮਨਦੀਪ ਕੌਰ ਨੇ ਦੱਸਿਆ ਕਿ ਮੁੱਦਈ ਸੁਖਜੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਉਗਰ ਔਲਖ ਨੇ ਪੁਲੀਸ ਨੂੰ ਦੱਸਿਆ ਕਿ ਦੁਪਹਿਰ ਵੇਲੇ ਉਹ ਤੇ ਉਸ ਦੀ ਧੀ ਅੰਮ੍ਰਿਤਪਾਲ ਘਰ ਵਿੱਚ ਇਕੱਲੀਆਂ ਸਨ। ਇਸੇ ਦੌਰਾਨ ਪਿੰਡ ਦਾ ਵਸਨੀਕ ਗੁਰਪ੍ਰੀਤ ਸਿੰਘ, ਉਸ ਦੀ ਮਾਂ ਰਾਜ ਕੌਰ, ਉਸ ਦਾ ਭਰਾ ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਤੇ ਸਿਤਾਰਾ ਸਿੰਘ ਉਸ ਦੇ ਘਰ ਆਏ ਤੇ ਉਸ ਦੀ ਲੜਕੀ ਨੂੰ ਆਪਣੇ ਨਾਲ ਲੈ ਜਾਣ ਲਈ ਖਿੱਚ-ਧੂਹ ਕਰਨ ਲੱਗੇ। ਉਸ ਨੇ ਉਨ੍ਹਾਂ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹਮਲਾਵਰਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੇ ਕੱਪੜੇ ਪਾੜ ਦਿੱਤੇ। ਉਸ ਨੇ ਦੱਸਿਆ ਕਿ ਪਹਿਲਾਂ ਵੀ ਉਪਰੋਕਤ ਪਰਿਵਾਰ ਨੇ ਹਮਲਸਲਾਹ ਹੋ ਕੇ ਉਸ ਦੀ ਲੜਕੀ ਨੂੰ ਵਿਆਹ ਦਾ ਲਾਰਾ ਲਾ ਕੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਮਾਂ-ਧੀ ਵੱਲੋਂ ਰੌਲਾ ਪਾਏ ਜਾਣ ’ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।