ਨਰਿੰਦਰ ਸਿੰਘ
ਭਿੱਖੀਵਿੰਡ, 9 ਅਕਤੂਬਰ
ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਭਾਈ ਤਾਰੂ ਸਿੰਘ ਦੇ ਪਿੰਡ ਪੂਹਲਾ ’ਚ ਸਥਿਤ ਗੁਰਦੁਆਰਾ ਤਪ ਅਸਥਾਨ ਵਿਖੇ ਗੁਰਮਤਿ ਸਮਾਗਮ ਕੀਤੇ ਗਏ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਤਾਰੂ ਸਿੰਘ ਦਾ ਜੀਵਨ ਸਿੱਖ ਜਗਤ ਲਈ ਪ੍ਰੇਰਨਾ ਦਾ ਉਹ ਸੋਮਾ ਹੈ, ਜੋ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਆਖਿਆ ਕਿ ਅਜੋਕੀ ਸਿੱਖ ਨੌਜਵਾਨੀ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਦਿਸ਼ਾ ਨਿਰਧਾਰਤ ਕਰਨੀ ਚਾਹੀਦੀ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਜਿਥੇ ਸੰਗਤ ਨੂੰ ਭਾਈ ਤਾਰੂ ਸਿੰਘ ਦੇ 300 ਸਾਲਾ ਜਨਮ ਦਿਹਾੜੇ ਦੀ ਵਧਾਈ ਦਿੱਤੀ, ਉਥੇ ਹੀ ਗੁਰਬਾਣੀ ਦੀ ਸੇਧ ਵਿਚ ਜੀਵਨ ਜਿਊਣ ਲਈ ਪ੍ਰੇਰਿਆ। ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਤੇ ਭਾਈ ਅਜਾਇਬ ਸਿੰਘ ਅਭਿਆਸੀ ਸਮੇਤ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਸਮੇਂ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਨੇ ਗੁਰਬਾਣੀ ਕੀਰਤਨ ਕੀਤਾ ਤੇ ਢਾਡੀ ਤੇ ਕਵਿਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਬਾਬਾ ਅਵਤਾਰ ਸਿੰਘ ਘਰਿਆਲਾ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਵਿਰਸਾ ਸਿੰਘ ਵਟਲੋਹਾ, ਗੁਰਪ੍ਰੀਤ ਸਿੰਘ ਝੱਬਰ, ਬਾਵਾ ਸਿੰਘ ਗੁਮਾਨਪੁਰਾ, ਬਾਬਾ ਨਿਰਮਲ ਸਿੰਘ, ਭਾਈ ਹਰਮਿੱਤਰ ਸਿੰਘ, ਭਾਈ ਕੁਲਵੰਤ ਸਿੰਘ ਗੋਇੰਦਵਾਲ ਸਾਹਿਬ, ਬਾਬਾ ਸੋਹਣ ਸਿੰਘ ਬੀੜ ਸਾਹਿਬ ਵਾਲੇ, ਬਾਬਾ ਸੁਖਚੈਨ ਸਿੰਘ, ਬਾਬਾ ਰਘਬੀਰ ਸਿੰਘ, ਭਾਈ ਸੁਖਜੀਤ ਸਿੰਘ ਬੁੱਢਾ ਦਲ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸਿਮਰਜੀਤ ਸਿੰਘ ਕੰਗ, ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਰਾਜਿੰਦਰ ਸਿੰਘ ਰੂਬੀ ਸਮੇਤ ਸੰਗਤਾਂ ਮੌਜੂਦ ਸਨ।