ਕੇਂਦਰ ਸਰਕਾਰ ਜਾਣ-ਬੁੱਝ ਕੇ ਮੰਗਾਂ ਲਟਕਾ ਰਹੀ: ਕਟਾਰੂਚੱਕ
ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਨੂੰ ਲਗਪਗ 14,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਇਸ ਬਾਰੇ ਕੇਂਦਰ ਨੂੰ ਜਾਣੂੰ ਵੀ ਕਰਵਾ ਰੱਖਿਆ ਹੈ। ਇਸ ਸੰਕਟ ਵਿੱਚੋਂ ਸੂਬੇ ਨੂੰ ਕੱਢਣ ਦੀ ਬਜਾਏ ਕੇਂਦਰ ਸਰਕਾਰ ਜਾਣ-ਬੁੱਝ...
ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਨੂੰ ਲਗਪਗ 14,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਇਸ ਬਾਰੇ ਕੇਂਦਰ ਨੂੰ ਜਾਣੂੰ ਵੀ ਕਰਵਾ ਰੱਖਿਆ ਹੈ। ਇਸ ਸੰਕਟ ਵਿੱਚੋਂ ਸੂਬੇ ਨੂੰ ਕੱਢਣ ਦੀ ਬਜਾਏ ਕੇਂਦਰ ਸਰਕਾਰ ਜਾਣ-ਬੁੱਝ ਕੇ ਪੰਜਾਬ ਦੀਆਂ ਮੰਗਾਂ ਨੂੰ ਲਟਕਾ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅੰਤਰ-ਰਾਸ਼ਟਰੀ ਸਰਹੱਦ ’ਤੇ ਪੈਂਦੇ ਪਿੰਡ ਤਾਸ਼ ਵਿੱਚ ‘ਮਿਸ਼ਨ ਪੁਨਰਵਾਸ’ ਤਹਿਤ ਹੜ੍ਹ ਪੀੜਤ ਪਰਿਵਾਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜਦ ਕਿਸੇ ਸੂਬੇ ਦੀ ਸਰਕਾਰ ਨੇ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਪਹਿਲੀ ਕਿਸ਼ਤ ਦੇ ਤਹਿਤ 3.52 ਕਰੋੜ ਰੁਪਏ ਦੀ ਰਾਸ਼ੀ ਹਫਤੇ ਵਿੱਚ ਹੀ ਪਠਾਨਕੋਟ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡੀ ਗਈ ਹੈ। ਅੱਜ ਵੀ ਪਿੰਡ ਇਸਮਾਈਲਪੁਰ, ਲਸਿਆਣ, ਰਾਜਪੁਰ ਜੱਟਾਂ, ਸ਼ਾਹਪੁਰ, ਜੈਨਪੁਰ, ਘੁੱਕਰ, ਤਾਸ਼ ਅਤੇ ਪਿੰਡ ਕੱਜਲੇ ਦੇ ਹੜ੍ਹ ਪੀੜਿਤ ਪਰਿਵਾਰਾਂ ਨੂੰ 1 ਕਰੋੜ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਨਰੇਸ਼ ਸੈਣੀ, ਸੰਗਠਨ ਸਕੱਤਰ ਪਵਨ ਕੁਮਾਰ ਫੌਜੀ, ਗੁਰਮੇਜ ਸਿੰਘ ਸਰਪੰਚ ਤਾਸ਼, ਅਮਰਜੀਤ ਸਿੰਘ ਨੰਬਰਦਾਰ ਹਾਜ਼ਰ ਸਨ।