Sikh Pilgrims Demand: ਕਰਤਾਰਪੁਰ ਲਾਂਘਾ ਨਾ ਖੋਲ੍ਹਣ ਦਾ ਫ਼ੈਸਲਾ ਮੁੜ ਵਿਚਾਰੇ ਕੇਂਦਰ: ਰੰਧਾਵਾ
ਸਿੱਖਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਲਾਂਘਾ ਖੋਲ੍ਹਣ ਦੀ ਮੰਗ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ। ਸੁਰੱਖਿਆ ਚਿੰਤਾ ਮੁੱਦੇ ’ਤੇ ਜਵਾਬ ਦਿੰਦੇ ਹੋਏ ਸ੍ਰੀ ਰੰਧਾਵਾ ਨੇ ਕਿਹਾ ਕਿ ਕੇਂਦਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਕਿਉਂਕਿ ਇਹ ਲਾਂਘਾ ਸਿਰਫ਼ ਇੱਕ ਸਰਹੱਦੀ ਲਾਂਘਾ ਨਹੀਂ ਹੈ ਬਲਕਿ ਵਿਸ਼ਵਾਸ, ਇਤਿਹਾਸ ਅਤੇ ਲੱਖਾਂ ਸਿੱਖ ਸ਼ਰਧਾਲੂਆਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਅਧਿਆਤਮਿਕ ਸੰਬੰਧ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ 7 ਮਈ 2025 ਤੋਂ ਸੁਰੱਖਿਆ ਕਾਰਨਾਂ ਕਰਕੇ ਬੰਦ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੈਸਲੇ ਦੀ ਸਮੀਖਿਆ ਕਰੇ ਅਤੇ ਜਲਦੀ ਤੋਂ ਜਲਦੀ ਲਾਂਘੇ ਨੂੰ ਮੁੜ ਖੋਲ੍ਹਣ ਲਈ ਜ਼ਰੂਰੀ ਕਦਮ ਚੁੱਕੇ ਤਾਂ ਜੋ ਸ਼ਰਧਾਲੂ ਇੱਕ ਵਾਰ ਫਿਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕਣ। ਉਨ੍ਹਾਂ ਉਮੀਦ ਪ੍ਰਗਟ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝੇਗੀ, ਸਕਾਰਾਤਮਕ ਫੈਸਲਾ ਲਵੇਗੀ ਅਤੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦੀ ਤੋਂ ਜਲਦੀ ਮੁੜ ਖੋਲ੍ਹਣ ਲਈ ਕਦਮ ਚੁੱਕੇਗੀ।
ਡੇਰਾ ਬਾਬਾ ਨਾਨਕ (ਦਲਬੀਰ ਸੱਖੋਵਾਲੀਆ): ਸੁਰੱਖਿਆ ਪੱਖ ਤੋਂ ਕਰਤਾਰਪੁਰ ਸਾਹਿਬ ਲਾਂਘਾ ਬੰਦ ਰੱਖਣ ਦੇ ਬਿਆਨ ਤੋਂ ਕਈ ਧਾਰਮਿਕ, ਸਮਾਜਸੇਵੀ ਜਥੇਬੰਦੀਆਂ ਅਤੇ ਰਾਜਸੀ ਧਰਾਂ ਦੇ ਲੀਡਰਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹ ਲਾਂਘਾ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾ ਨਾਲ ਜੁੜਿਆਂ ਮਾਮਲਾ ਹੈ, ਸੋ ਕੇਂਦਰ ਸਰਕਾਰ ਨੂੰ ਇਸ ਉਪਰ ਫਿਰ ਤੋਂ ਵਿਚਾਰ ਕਰਨਾ ਚਾਹੀਦਾ ਹੈ। ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੂਬਾਈ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਨਿਹੰਗ ਜਥੇਬੰਦੀ ਦੇ ਮੁਖੀ ਜਥੇਦਾਰ ਮੇਜਰ ਸਿੰਘ ਸੋਢੀ, ਐੱਸ ਜੀ ਪੀ ਸੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਆਦਿ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰਤਾਰਪੁਰ ਲਾਂਘਾ ਫਿਰ ਤੋਂ ਚਾਲੂ ਕੀਤਾ ਜਾਵੇ ਅਤੇ ਆਪਣੇ ਦਿੱਤੇ ਬਿਆਨ ’ਤੇ ਮੁੜ ਵਿਚਾਰ ਕਰੇ।
ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ: ਧਾਲੀਵਾਲ
ਫਗਵਾੜਾ (ਜਸਬੀਰ ਸਿੰਘ ਚਾਨਾ): ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਮੁੜ ਖੋਲ੍ਹਿਆ ਜਾਵੇ, ਤਾਂ ਜੋ ਦੇਸ਼-ਵਿਦੇਸ਼ ਦੇ ਲੱਖਾਂ ਸ਼ਰਧਾਲੂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਆਸਥਾ ਨਾਲ ਜੁੜੇ ਫ਼ੈਸਲਿਆਂ ਨੂੰ ਸੁਰੱਖਿਆ ਦੇ ਨਾਂ ’ਤੇ ਅਣਮਿੱਥੇ ਸਮੇਂ ਲਈ ਟਾਲਣਾ ਠੀਕ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਜਲਦੀ ਖੋਲ੍ਹਿਆ ਜਾਵੇ।
Kartarpur Sahib Corridor, Reopen Kartarpur Corridor Demand, Sukhjinder Singh Randhawa, Dera Baba Nanak, Sikh Pilgrims Demand, India Pakistan Border, Punjab Politics, Balwinder Singh Dhaliwal

