ਪੱਤਰ ਪ੍ਰੇਰਕ
ਪਠਾਨਕੋਟ, 20 ਅਪਰੈਲ
ਸਥਾਨਕ ਪਠਾਨਕੋਟ-ਅੰਮ੍ਰਿਤਸਰ ਮਾਰਗ ’ਤੇ ਸਥਿਤ ਲਦਪਾਲਵਾਂ ਟੌਲ ਪਲਾਜ਼ਾ ’ਤੇ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਜਸਵੰਤ ਸਿੰਘ ਕੋਠੀ ਪ੍ਰੇਮ ਸਿੰਘ, ਕੇਵਲ ਕਾਲੀਆ, ਗੁਰਦੀਪ ਸਿੰਘ, ਬਲਦੇਵ ਸਿੰਘ, ਇੰਦਰਜੋਤ, ਮਨਦੀਪ ਸਿੰਘ, ਪ੍ਰਭਜੋਤ, ਜਰਨੈਲ ਸਿੰਘ, ਦਵਿੰਦਰ ਸਿੰਘ, ਇਕਬਾਲ ਸਿੰਘ ਆਦਿ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ ਰਾਹੀਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਦੀ ਓਟ ਹੇਠ ਦਿੱਲੀ ਵਿਚ ਚੱਲ ਰਹੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਕਰੋਨਾ ਤੋਂ ਵੀ ਵੱਧ ਖ਼ਤਰਨਾਕ ਹਨ। ਜੇ ਸਰਕਾਰ ਨੂੰ ਕਰੋਨਾ ਫੈਲਣ ਦਾ ਡਰ ਹੈ ਤਾਂ ਫਿਰ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨ ਘਰਾਂ ਨੂੰ ਚਲੇ ਜਾਣਗੇ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਮਿਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਬਾਹਰ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਅੱਜ ਇਸ ਧਰਨੇ ਨੂੰ ਚੱਲਦਿਆਂ 160 ਦਿਨ ਪੂਰੇ ਹੋ ਚੁੱਕੇ ਹਨ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਰੋਨਾ ਦੇ ਵਧ ਰਹੇ ਕਹਿਰ ਨੂੰ ਦੇਖਦਿਆਂ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ। ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਵਿਵਸਥਾ ਬਣਾ ਕੇ ਕਿਸਾਨਾਂ ਦੀ ਬੇਚੈਨੀ ਦੂਰ ਕਰੇ। ਧਰਨੇ ਨੂੰ ਗੁਰਮੇਸ਼ ਸਿੰਘ, ਮਾਸਟਰ ਹਰਕੰਵਲ ਸਿੰਘ, ਬਿਮਲਾ ਦੇਵੀ, ਮਲਕੀਤ ਸਿੰਘ ਸਲੇਮਪੁਰ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਨਾਮ ਸਿੰਘ ਸਿੰਗੜੀਵਾਲਾ ਆਦਿ ਨੇ ਸੰਬੋਧਨ ਕੀਤਾ।
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਰਿਲਾਇੰਸ ਮਾਲ ਗੜ੍ਹਸ਼ੰਕਰ ਅੱਗੇ ਕੈਪਟਨ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਰੈਲੀ ਨੂੰ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਕਾਮਰੇਡ ਦਰਸ਼ਨ ਸਿੰਘ ਮੱਟੂ, ਹਰਭਜਨ ਸਿੰਘ ਅਟਵਾਲ, ਸੁਭਾਸ਼ ਮੱਟੂ ਸੂਬਾਈ ਮੀਤ ਪ੍ਰਧਾਨ ਜਨਵਾਦੀ ਇਸਤਰੀ ਸਭਾ, ਗੁਰਨੇਕ ਸਿੰਘ ਭੱਜਲ, ਮਹਿੰਦਰ ਕੁਮਾਰ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ, ਐਮਐਸਪੀ ਨੂੰ ਕਾਨੂੰਨੀ ਮਾਨਤਾ ਦਿਵਾਉਣ ਤੱਕ ਘੋਲ ਸੰਘਰਸ਼ ਜਾਰੀ ਰਹੇਗਾ।