ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਅੰਮ੍ਰਿਤਸਰ ਜੇਲ੍ਹ ਦਾ ਦੌਰਾ
ਕੈਦੀਆਂ ਨਾਲ ਕੀਤੀ ਗੱਲਬਾਤ
Advertisement
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਇੱਥੋਂ ਦੀ ਕੇਂਦਰੀ ਜੇਲ੍ਹ ਦਾ ਦੌਰਾ ਕਰ ਕੇ ਉੱਥੇ ਬੰਦ ਮਹਿਲਾ ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਬੰਧਕਾਂ ਵੱਲੋਂ ਮਹਿਲਾਵਾਂ ਨੂੰ ਬੁਨਿਆਦੀ ਸੁਵਿਧਾਵਾਂ ਖਾਣ-ਪੀਣ, ਸਿਹਤ ਸੇਵਾਵਾਂ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਪਰ ਜੇਕਰ ਮਹਿਲਾ ਕੈਦੀਆਂ ਨੂੰ ਇਸ ਸਬੰਧੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਹੁਣ ਜਾਂ ਭਵਿੱਖ ਵਿੱਚ ਮਹਿਲਾ ਕਮਿਸ਼ਨ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੁਝ ਕੈਦੀ ਚਮੜੀ ਦੇ ਰੋਗ ਨਾਲ ਪੀੜਤ ਹਨ ਜਿਸ ਲਈ ਡਾਕਟਰਾਂ ਵੱਲੋਂ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਗਰਭਵਤੀ ਮਹਿਲਾਵਾਂ ਲਈ ਹਫ਼ਤੇ ਵਿੱਚ ਦੋ ਵਾਰ ਗਾਇਨਾਕੋਲੋਜਿਸਟ ਆਉਂਦੇ ਹਨ ਅਤੇ ਜੇਕਰ ਕੋਈ ਡਿਲਿਵਰੀ ਦਾ ਮਾਮਲਾ ਹੁੰਦਾ ਹੈ, ਤਾਂ ਕੈਦੀ ਮਹਿਲਾ ਨੂੰ ਬਾਹਰ ਹਸਪਤਾਲ ਭੇਜਿਆ ਜਾਂਦਾ ਹੈ। ਨਵਜੰਮੇ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੂੰ ਵਿਦੇਸ਼ੀ ਮਹਿਲਾ ਕੈਦੀਆਂ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਨੂੰ ਆਪਣੇ ਦੇਸ਼ ਦੇ ਸਫਾਰਤਖਾਨੇ ਨਾਲ ਸੰਪਰਕ ਕਰਨ ਵਿੱਚ ਦਿੱਕਤ ਆ ਰਹੀ ਸੀ, ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਇਸ ਸਬੰਧੀ ਜ਼ਰੂਰੀ ਕਦਮ ਚੁੱਕਣ ਲਈ ਕਿਹਾ।
ਉਨ੍ਹਾਂ 85 ਸਾਲ ਤੋਂ ਉਪਰ ਦੀਆਂ ਬਜ਼ੁਰਗ ਮਹਿਲਾਵਾਂ ਦੀ ਹਾਲਤ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੁਲੀਸ ਨੂੰ ਜਾਂਚ ਦੌਰਾਨ ਮਾਨਵੀ ਪੱਖ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਮੁਹਿੰਮ ਤੇਜ਼ ਗਤੀ ਨਾਲ ਚੱਲ ਰਹੀ ਹੈ ਤੇ ਕਾਨੂੰਨ ਸਭ ਲਈ ਇੱਕਸਾਰ ਹੈ, ਬਾਰੇ ਉਨ੍ਹਾਂ ਕਿਹਾ ਕਿ ਮਹਿਲਾਵਾਂ ਅਕਸਰ ਆਪਣੇ ਪਤੀ ਜਾਂ ਪਰਿਵਾਰਕ ਮੈਂਬਰਾਂ ਦੇ ਕਾਰਨ ਫਸ ਜਾਂਦੀਆਂ ਹਨ, ਪਰ ਕਾਨੂੰਨੀ ਤੌਰ ’ਤੇ ਜਾਂਚ ਦੇ ਨਤੀਜੇ ਦੇ ਅਧਾਰ ’ਤੇ ਹੀ ਕਾਰਵਾਈ ਕੀਤੀ ਜਾਂਦੀ ਹੈ।
Advertisement
Advertisement
