ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਦਸੰਬਰ
ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਦੀਆਂ ਘੱਟੋ-ਘੱਟ ਉਜਰਤਾਂ ਤਹਿਤ ਪੱਕੀਆਂ ਤਨਖਾਹਾਂ ਨਾ ਦੇਣ ਅਤੇ ਉਨ੍ਹਾਂ ਦੀ ਕਿਸੇ ਵੀ ਮੰਗ ਦਾ ਨਿਪਟਾਰਾ ਨਾ ਕਰਨ ਵਿਰੁੱਧ ਸਮੁੱਚੇ ਪੰਜਾਬ ਵਿੱਚ 3 ਅਤੇ 4 ਦਸੰਬਰ ਦੀ ਦੋ ਰੋਜ਼ਾ ਮੁਕੰਮਲ ਹੜਤਾਲ ਦੇ ਸੱਦੇ ਤਹਿਤ ਜ਼ਿਲ੍ਹੇ ਦੀਆਂ ਵਰਕਰਾਂ ਨੇ ਆਪਣੇ ਸਾਰੇ ਕੰਮਾਂ ਦਾ ਬਾਈਕਾਟ ਕਰਕੇ ਸਮੂਹ ਬਲਾਕ ਕੇਂਦਰਾਂ ਅਤੇ ਸੈਕਟਰਾਂ ’ਤੇ ਕਾਲੀਆਂ ਝੰਡੀਆਂ ਤੇ ਚੁੰਨੀਆਂ ਲੈ ਕੇ ਚੰਨੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ।
ਗੁਰਦਾਸਪੁਰ (ਪੱਤਰ ਪ੍ਰੇਰਕ): ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਿਹਤ ਵਿਭਾਗ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਪ੍ਰਾਇਮਰੀ ਹੈਲਥ ਸੈਂਟਰਾਂ ‘ਤੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਪੰਜ ਦਸੰਬਰ ਨੂੰ ਮਾਣ ਭੱਤਾ, ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ ਵੱਲੋਂ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਵੱਡੇ ਪੱਧਰ ‘ਤੇ ਸ਼ਮੂਲੀਅਤ ਦਾ ਐਲਾਨ ਕੀਤਾ।
ਆਦਮਪੁਰ ਦੋਆਬਾ(ਪੱਤਰ ਪ੍ਰੇਰਕ): ਆਸ਼ਾ ਵਰਕਰ ਨੇ ਆਪਣੇ ਸਾਰੇ ਕੰਮਾਂ ਦਾ ਬਾਈਕਾਟ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਿਹਤ ਵਿਭਾਗ ਵਿੱਚ ਪਿਛਲੇ 13 ਸਾਲਾਂ ਤੋਂ ਕੰਮ ਕਰਦੀਆਂ ਇਹਨਾਂ ਵਰਕਰਾਂ ਦੀ ਕਿਸੇ ਵੀ ਸਰਕਾਰ ਨੇ ਸਾਰ ਨਹੀਂ ਲਈ ਜਦਕਿ ਹਰ ਸਰਕਾਰ ਨੇ ਉਨ੍ਹਾਂ ਦਾ ਸ਼ੋਸ਼ਣ ਹੀ ਕੀਤਾ ਹੈ। ਉਹਨਾਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਦੋ ਦਿਨਾ ਹੜਤਾਲ ਤੋਂ ਬਾਅਦ ਵੀ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ 5 ਦਸੰਬਰ ਨੂੰ ਜਲੰਧਰ ਵਿਖੇ ਕੀਤੀ ਜਾਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਿਲ ਹੋ ਕੇ ਟ੍ਰੈਫਿਕ ਜਾਮ ਕਰਨਗੀਆਂ।
ਕੌਮੀ ਸਿਹਤ ਮਿਸ਼ਨ ਮੁਲਾਜ਼ਮਾਂ ਵੱਲੋਂ ਰੈਲੀ
ਤਰਨ ਤਾਰਨ (ਪੱਤਰ ਪ੍ਰੇਰਕ): ਸਿਹਤ ਵਿਭਾਗ ਅੰਦਰ ਬੀਤੇ 15-15 ਸਾਲਾਂ ਤੋਂ ਕੰਮ ਕਰਦੇ ਆ ਰਹੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਦੇ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਇਥੇ ਰੈਲੀ ਕੀਤੀ| ਜਥੇਬੰਦੀ ਦੀ ਜ਼ਿਲ੍ਹਾ ਕਨਵੀਨਰ ਲਵਲੀਨ ਕੌਰ ਦੀ ਅਗਵਾਈ ਵਿੱਚ ਕੀਤੀ ਰੈਲੀ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ, ਕਵਲਜੀਤ ਸਿੰਘ, ਅਮਨਦੀਪ ਸਿੰਘ, ਮਨਦੀਪ ਸਿੰਘ ਸਰਹਾਲੀ, ਨੀਰੂ ਮੰਨਣ, ਹਰਜੀਤ ਕੌਰ, ਸੰਦੀਪ ਕੈਰੋਂ ਆਦਿ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਬੀਤੇ ਕਈ ਸਾਲਾਂ ਤੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਾਰਿਆਂ ਦੇ ਇਲਾਵਾ ਹੋਰ ਕੁਝ ਵੀ ਨਹੀਂ ਕੀਤਾ| ਉਹ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ ਪਰ ਸਰਕਾਰ ਨੂੰ ਉਨ੍ਹਾਂ ਦੇ ਭਵਿੱਖ ਦੀ ਕੋਈ ਚਿੰਤਾ ਨਹੀਂ ਹੈ|