ਮੁੱਖ ਖੇਤੀ ਬਾੜੀ ਅਫਸਰ ਵੱਲੋਂ ਫਸਲਾਂ ਦਾ ਜਾਇਜ਼ਾ
ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਜਗੀਰ ਸਿੰਘ ਵੱਲੋਂ ਪਠਾਨਕੋਟ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਦੌਰੇ ਸਮੇਂ ਝੋਨੇ ਦੀ ਫਸਲ ਤੇ ਆਈ ਮਧਰੇ ਬੂਟਿਆਂ ਦੀ ਸਮੱਸਿਆ, ਡੀਐੱਸਆਰ ਅਤੇ ਮੱਕੀ ਕਾਸ਼ਤ ਸਬੰਧੀ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ. ਜਗੀਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਲਗਾਤਾਰ ਨਿਰੀਖਣ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਝੋਨੇ ਦੀ ਫ਼ਸਲ ਤੇ ਟਿੱਡਿਆਂ ਦਾ ਹਮਲਾ ਹੋਣ ਦੀ ਸੂਰਤ ਵਿੱਚ ਆਪਣੇ ਬਲਾਕ ਦੇ ਖੇਤੀਬਾੜੀ ਅਧਿਕਾਰੀਆਂ ਅਤੇ ਫ਼ਸਲ ਵਿਗਿਆਨੀਆਂ ਨਾਲ ਸੰਪਰਕ ਕੀਤਾ ਜਾਵੇ ਤੇ ਉਨ੍ਹਾਂ ਦੁਆਰਾ ਸ਼ਿਫਾਰਸ਼ ਕੀਤੀਆਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਹੀ ਕੀਤੀ ਜਾਵੇ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ ਵੱਲੋਂ ਸਮੂਹ ਬਲਾਕ ਅਫਸਰਾਂ ਤੇ ਸਬੰਧਤ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੀ ਫਸਲ ਉਪਰ ਆਪਣੇ ਸਟਾਫ ਰਾਹੀਂ ਹਰੇਕ ਪਿੰਡ ਵਿੱਚ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਹਮਲੇ ਵਾਲੇ ਖੇਤਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਟਿੱਡਿਆਂ ਦੀ ਰੋਕਥਾਮ ਲਈ ਸ਼ਿਫਾਰਸ਼ ਕੀਤੀਆਂ ਦਵਾਈਆਂ ਦੀ ਵਰਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਸਮੂਹ ਕੀਟਨਾਸ਼ਕ ਡੀਲਰਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਆਪਣੀ ਮਰਜ਼ੀ ਨਾਲ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੀ ਸਪਰੇਅ ਨਾ ਕਰਵਾਉਣ ਅਤੇ ਯੂਨੀਵਰਸਿਟੀ ਵੱਲੋਂ ਸ਼ਿਫਾਰਸ਼ ਕੀਤੀਆਂ ਦਵਾਈਆਂ ਹੀ ਦੇਣ।