ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਚੰਡੀਗੜ੍ਹ ਤੋਂ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਕਾਇਆਕਲਪ ਦੀ ਆਨਲਾਈਨ ਕੀਤੀ ਸ਼ੁਰੂਆਤ ਵਿੱਚ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਹਿੱਸਾ ਲੈਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਵਾਤਾਵਰਨ ਪੱਖੋਂ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਲੋਕਾਂ ਦੀ ਨਰੋਈ ਸਿਹਤ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਮਿਸ਼ਨ ਤੰਦਰੁਸਤ ਪੰਜਾਬ ਦੀ ਕਾਇਆਕਲਪ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੜ੍ਹਦੀਵਾਲਾ ਸ਼ਹਿਰ ਲਈ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਜਿਹੜਾ ਕਿ 3.14 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ। ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਸ ਸੀਵਰੇਜ਼ ਟਰੀਟਮੈਂਟ ਪਲਾਂਟ ਦੀ ਸਮਰੱਥਾ 2 ਮੀਲੀਅਨ ਲੀਟਰ ਪ੍ਰਤੀ ਦਿਨ ਹੋਵੇਗੀ।
ਗੁਰਦਾਸਪੁਰ (ਪੱਤਰ ਪ੍ਰੇਰਕ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਨਲਾਈਨ ਸੰਬੋਧਨ ਕਰਦਿਆਂ ਵਾਤਾਵਰਨ ਨੂੰ ਸ਼ੁੱਧ ਤੇ ਸਾਫ਼ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ ਮੁਹੰਮਦ ਇਸਫਾਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ 16 ਪਿੰਡਾਂ ਦੇ 4826 ਘਰਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਆਰਸੈਨਿਕ ਸ਼ੁੱਧੀਕਰਨ ਫਿਲਟਰ ਵੰਡਣ ਦੀ ਆਨਲਾਈਨ ਰਸਮੀ ਸ਼ੁਰੂਆਤ ਕੀਤੀ ਗਈ।
ਮੰਤਰੀ ਸੋਨੀ ਵੱਲੋਂ ਐਸਟੀਪੀ ਪਲਾਂਟ ਦਾ ਉਦਘਾਟਨ
ਅੰਮ੍ਰਿਤਸਰ(ਖੇਤਰੀ ਪ੍ਰਤੀਨਿਧ): ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਮੰਤਰੀ ਓਮ ਪ੍ਰਕਾਸ਼ ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਸਾਂਝੇ ਤੌਰ ’ਤੇ ਦੱਖਣੀ ਹਲਕੇ ਦੇ ਅਧੀਨ ਪੈਂਦੇ ਚਾਟੀਵਿੰਡ ਪਿੰਡ ਵਿਚ 32.23 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ 27.5 ਐਮਐਲਡੀ ਦਾ ਇਹ ਪਲਾਂਟ ਆਲੇ ਦੁਆਲੇ ਦੇ ਕਰੀਬ ਤਿੰਨ ਲੱਖ ਲੋਕਾਂ ਨੂੰ ਫ਼ਾਇਦਾ ਦੇਵੇਗਾ।