ਹਰਜੀਤ ਸਿੰਘ ਪਰਮਾਰ
ਬਟਾਲਾ, 2 ਜਨਵਰੀ
ਇੱਥੇ ਸ਼ਹਿਰ ਅੰਦਰ ਰੋਜ਼ਾਨਾ ਗੋਲੀਬਾਰੀ ਦੀਆਂ ਘਟਨਾਵਾਂ ਵਾਪਰਨਾ ਆਮ ਗੱਲ ਹੋ ਗਈ ਹੈ। ਅੱਜ ਵੀ ਸਥਾਨਕ ਮਲਾਵੇ ਦੀ ਕੋਠੀ ਮੁਹੱਲੇ ਵਿੱਚ ਇੱਕ ਸ਼ਰਾਬੀ ਵਿਅਕਤੀ ਵੱਲੋਂ ਚਲਾਈਆਂ ਗਈਆਂ ਗੋਲੀਆਂ ਨਾਲ ਗਲੀ ਵਿੱਚ ਖੇਡਦਾ ਇੱਕ 12 ਸਾਲਾਂ ਦਾ ਬੱਚਾ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ, ਜਿਸ ਉਪਰੰਤ ਪੁਲੀਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਵਿਪਨ ਕੁਮਾਰ ਵਾਸੀ ਮਲਾਵੇ ਦੀ ਕੋਠੀ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਉਸ ਦਾ ਭਤੀਜਾ ਸੁਮਿਤ ਪੁੱਤਰ ਜਸਵੰਤ ਕੁਮਾਰ ਆਪਣੀ ਗਲੀ ਵਿੱਚ ਖੇਡ ਰਿਹਾ ਸੀ ਕਿ ਉਨ੍ਹਾਂ ਦੀ ਗਲੀ ਵਿੱਚ ਹੀ ਰਹਿੰਦਾ ਇੱਕ ਵਿਅਕਤੀ ਜੋ ਕਿ ਬਹੁਤ ਹੀ ਸ਼ਰਾਬੀ ਹਾਲਤ ਵਿੱਚ ਸੀ, ਨੇ ਗੋਲੀਆਂ ਚਲਾ ਦਿੱਤੀਆਂ। ਉਸ ਵੱਲੋਂ ਚਲਾਈਆਂ ਗਈਆਂ ਗੋਲੀਆਂ ਵਿੱਚੋਂ ਇੱਕ ਗੋਲੀ ਦੇ ਛਰ੍ਹੇ ਉਸ ਦੇ ਭਤੀਜੇ ਸੁਮਿਤ ਦੇ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੇ ਦੱਸਿਆ ਕਿ ਗੋਲੀਆਂ ਚਲਾਉਣ ਤੋਂ ਬਾਅਦ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਉਸ ਦੇ ਭਤੀਜੇ ਦੀ ਬੜ ਮੁਸ਼ਕਿਲ ਨਾਲ ਜਾਨ ਬਚੀ ਹੈ।
ਉਸ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਥਾਣਾ ਸਿਵਲ ਲਾਈਨਜ਼ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪੀੜਤ ਪਰਿਵਾਰ ਨੇ ਪੁਲੀਸ ਕੋਲੋਂ ਮੰਗ ਕੀਤੀ ਕਿ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉੱਧਰ, ਥਾਣਾ ਸਿਵਲ ਲਾਈਨਜ਼ ਦੇ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ ਉਨ੍ਹਾਂ ਨੂੰ ਮਿਲ ਚੁੱਕੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਖ਼ਮੀ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮੁਲਜ਼ਮ ਵਿਅਕਤੀ ਫਿਲਹਾਲ ਫ਼ਰਾਰ ਹੈ। ਪੁਲੀਸ ਵੱਲੋਂ ਸਰਗਰਮੀ ਨਾਲ ਉਸ ਦੀ ਭਾਲ ਕੀਤੀ ਜਾ ਰਹੀ ਹੈ।