ਜੇ.ਬੀ.ਸੇਖੋਂ
ਗੜ੍ਹਸ਼ੰਕਰ, 21 ਜੁਲਾਈ
ਸ਼ਹਿਰ ਵਿੱਚ ਕਰੋਨਾ ਦੇ ਅੱਜ ਦਸ ਹੋਰ ਮਾਮਲੇ ਆਉਣ ਨਾਲ ਸਨਸਨੀ ਫੈਲ ਗਈ। ਇਹ ਸਾਰੇ ਮਾਮਲੇ ਸ਼ਹਿਰ ਦੇ ਵਸਨੀਕਾਂ ਦੇ ਹਨ ਜਿਨ੍ਹਾਂ ਵਿੱਚੋਂ ਕੁਝ ਦੁਕਾਨਾਂ ’ਤੇ ਕੰਮ ਕਰਨ ਵਾਲੇ ਲੋਕ ਵੀ ਸ਼ਾਮਲ ਹਨ। ਇਸ ਬਾਰੇ ਗੱਲ ਕਰਦਿਆਂ ਐੱਸਐੱਮਓ ਟੇਕ ਰਾਜ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਨਾਲ ਸ਼ਹਿਰ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਤੇਰ੍ਹਾਂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਰੈਫਰ ਕੀਤਾ ਗਿਆ ਹੈ ਅਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਹੋਰ ਸੰਪਰਕ ਵਾਲੇ ਵਿਅਕਤੀਆਂ ਨੂੰ ਏਕਾਂਤਵਾਸ ਕੀਤਾ ਜਾ ਰਿਹਾ ਹੈ।
ਗੁਰਾਇਆ(ਨਿਜੀ ਪੱਤਰ ਪ੍ਰੇਰਕ):ਪੱਤੀ ਮਾਂਗਾ ਵਾਰਡ ਨੰਬਰ 12 ਗੁਰਾਇਆ ਵਿੱਚ ਕਰੋਨਾ ਮਰੀਜ਼ ਮਿਲਣ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। 50-55 ਸਾਲਾ ਔਰਤ ਦੀ ਰਿਪੋਰਟ ਪਾਜ਼ੇਟਿਵ ਆਉਣ ਕਰਕੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਸੀ। ਹੁਣ ਔਰਤ ਦੇ ਪਰਿਵਾਰ ਦੇ ਚਾਰ ਹੋਰ ਮੈਂਬਰਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ੍ਹਾਂ ਵਿੱਚ ਇੱਕ 80 ਸਾਲਾ, ਇੱਕ 30 ਸਾਲਾ ਔਰਤ ਅਤੇ ਪੰਜ ਅਤੇ ਤਿੰਨ ਸਾਲ ਦੇ ਦੋ ਬੱਚੇ ਸ਼ਾਮਲ ਹਨ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ਵਿੱਚ ਅੱਜ ਇੱਕ ਕਰੋਨਾ ਪਾਜ਼ੇਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਹੁਣ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 299 ਤੱਕ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਇਹ ਮਰੀਜ਼ ਗੜ੍ਹਸ਼ੰਕਰ ਨਾਲ ਸਬੰਧਤ ਹੈ। ਜਲੰਧਰ (ਪਾਲ ਸਿੰਘ ਨੌਲੀ): ਜਲੰਧਰ ਲਈ ਵੱਡੀ ਰਾਹਤ ਹੈ ਕਿ ਅੱਜ 69 ਹੋਰ ਕਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਛੁੱਟੀ ਮਿਲੀ ਹੈ। ਇਨ੍ਹਾਂ ਵਿੱਚ ਸਿਵਲ ਹਸਪਤਾਲ ਤੋਂ 18, ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਤੋਂ 13, ਮਿਲਟਰੀ ਹਸਪਤਾਲ ਤੋਂ 12 ਅਤੇ ਨਿੱਜੀ ਹਸਪਤਾਲਾਂ ਤੋਂ ਪੰਜ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਇਸ ਮੌਕੇ ਘਰ ਜਾਣ ਵਾਲੇ ਮਰੀਜ਼ਾਂ ਨੂੰ ਸਹਿਤ ਸਬੰਧੀ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਬੀਐੱਸਐੱਫ ਖੜਕਾਂ ਕੈਂਪ ਕੰਟੇਨਮੈਂਟ ਜ਼ੋਨ ਐਲਾਨਿਆ
ਹੁਸ਼ਿਆਰਪੁਰ (ਹਰਪ੍ਰੀਤ ਕੌਰ):ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਹਾਇਕ ਸਿਖਲਾਈ ਕੇਂਦਰ ਬੀਐੱਸਐੱਫ ਖੜਕਾਂ ਕੈਂਪ ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਐਮਰਜੈਂਸੀ ਅਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪਾਜ਼ੇਟਿਵ ਮਰੀਜ਼ਾਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 14 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੇ ਇੱਕ ਹਫ਼ਤੇ ਵਿੱਚ ਇੱਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਕੰਟੇਨਮੈਂਟ ਜ਼ੋਨ ਨੂੰ ਖੋਲ੍ਹ ਦਿੱਤਾ ਜਾਵੇਗਾ ਜਾਂ ਇਸ ਇੱਕ ਹਫ਼ਤੇ ਵਿੱਚ ਇੱਕ ਵਾਰ ਵਧਾਇਆ ਜਾਵੇਗਾ।
ਅੱਠ ਨੇ ਕਰੋਨਾ ਨੂੰ ਮਾਤ ਦਿੱਤੀ
ਪਠਾਨਕੋਟ(ਐੱਨਪੀ ਧਵਨ) ਅੱਜ 8 ਲੋਕਾਂ ਨੇ ਕਰੋਨਾ ਨੂੰ ਮਾਤ ਦੇ ਦਿੱਤੀ ਜਿਸ ਤੇ ਉਨ੍ਹਾਂ ਨੂੰ ਇਲਾਜ ਦੇ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਨਾਲ ਜ਼ਿਲ੍ਹਾ ਪਠਾਨਕੋਟ ਅੰਦਰ ਕਰੋਨਾ ਪਾਜ਼ੇਟਿਵ ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 37 ਹੋ ਗਈ ਹੈ। ਆਈਸੋਲੇਸ਼ਨ ਵਾਰਡ ਵਿੱਚੋਂ ਡਿਸਚਾਰਜ ਕੀਤੇ ਗਏ ਲੋਕਾਂ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ 8 ਲੋਕਾਂ ਨੇ ਕਰੋਨਾ ਤੋਂ ਜੰਗ ਜਿੱਤ ਲਈ ਹੈ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ।