ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਯਕੀਨੀ ਬਣਾਏ ਜਾਣ: ਔਜਲਾ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਜੁਲਾਈ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਕੰਮਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਕਾਸ ਤੇ ਕੋਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੁਰੂ ਰਾਮਦਾਸ ਦਾ ਵਸਾਇਆ ਹੋਇਆ ਨਗਰ ਹੈ ਅਤੇ ਇਸ ਦੇ ਪ੍ਰਬੰਧਾਂ ਵਿੱਚ ਸਾਥ ਦੇਣਾ, ਕੰਮ ਕਰਨਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਉਹ ਬਤੌਰ ਸੰਸਦ ਮੈਂਬਰ ਸ਼ਹਿਰ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਹਨ ਅਤੇ ਕੇਂਦਰ ਸਰਕਾਰ ਨਾਲ ਸਬੰਧਤ ਕੰਮ ਉਨ੍ਹਾਂ ਦੇ ਹਵਾਲੇ ਕੀਤੇ ਜਾਣ ਤਾਂ ਜੋ ਉਹ ਮੌਕੇ ਉੱਤੇ ਜਾ ਕੇ ਕਰਵਾ ਸਕਣ।
ਨੈਸ਼ਨਲ ਹਾਈਵੇਅ ਦੇ ਅਧਿਕਾਰੀਆਂ ਨਾਲ ਕੰਮਾਂ ਦੀ ਪ੍ਰਗਤੀ ਬਾਰੇ ਗੱਲਬਾਤ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਜਿੰਨੇ ਵੀ ਅੰਡਰਪਾਸ ਬਣਾਏ ਜਾ ਰਹੇ ਹਨ, ਉਹ ਚੌੜੇ ਹੋਣ। ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਰਿਲੀਜ਼ ਕਰਨ ਦੀ ਵੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਪੂਰੇ ਕੀਤੇ ਜਾਣ। ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ,ਆਜੀਵਕਾ ਮਿਸ਼ਨ, ਪ੍ਰਧਾਨ ਕੌਸ਼ਲ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜਾਓ ਅਤੇ ਹੋਰ ਵੱਖ ਵੱਖ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਵੀ ਲਿਆ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਸਾਫ ਸਫਾਈ ਦਾ ਪ੍ਰਬੰਧ ਅੱਗੇ ਨਾਲੋਂ ਸੁਧਰਿਆ ਹੈ ਪਰ ਇਸ ਵਿੱਚ ਹੋਰ ਸੁਧਾਰ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ ਨੇ ਕਮੇਟੀ ਮੈਂਬਰਾਂ ਵੱਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦੇ ਕੰਮਾਂ ਨੂੰ ਨਿਸ਼ਚਿਤ ਸਮੇਂ ਵਿੱਚ ਪੂਰੇ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੋ ਵੀ ਅਧਿਕਾਰੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰੇਗਾ, ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕਮਿਸ਼ਨਰ ਨਗਰ ਨਿ਼ਗਮ ਗੁਲਪ੍ਰੀਤ ਸਿੰਘ ਔਲਖ, ਜ਼ਿਲ੍ਹਾ ਪੁਲੀਸ ਮੁਖੀ ਮਨਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।