ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੰਪਿਊਟਰ ਅਧਿਆਪਕਾਂ ਨੇ ਸੂਬਾ ਸਰਕਾਰ ਦੀ ਅਰਥੀ ਸਾੜੀ

ਆਗੂ ਸਿੰਗਲਾ ਨੂੰ ਜਬਰੀ ਚੁੱਕ ਕੇ ਹਸਪਤਾਲ ਦਾਖ਼ਲ ਕਰਵਾਉਣ ਦੀ ਨਿੰਦਾ
ਸੂਬਾ ਸਰਕਾਰ ਦੀ ਅਰਥੀ ਸਾੜਨ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕੰਪਿਊਟਰ ਅਧਿਆਪਕ|
Advertisement

ਗੁਰਬਖਸ਼ਪੁਰੀ

ਤਰਨ ਤਾਰਨ, 3 ਜਨਵਰੀ

Advertisement

ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪੰਜਾਬ ਦੇ ਝੰਡੇ ਹੇਠ ਸੰਗਰੂਰ ਵਿੱਚ ਮਰਨ ਵਰਤ ’ਤੇ ਬੈਠੇ ਕੰਪਿਊਟਰ ਅਧਿਆਪਕ ਸੋਨੀ ਸਿੰਗਲਾ ਨੂੰ ਮਰਨ ਵਰਤ ਕੈਂਪ ਤੋਂ ਜਬਰੀ ਚੁੱਕ ਕੇ ਹਸਪਤਾਲ ਦਾਖਲ ਕਰਵਾਉਣ ਖਿਲਾਫ਼ ਰੋਸ ਮਾਰਚ ਕੀਤਾ ਗਿਆ ਅਤੇ ਸਰਕਾਰ ਦੀ ਅਰਥੀ ਸਾੜੀ ਗਈ| ਕੰਪਿਊਟਰ ਅਧਿਆਪਕਾਂ ਦੇ ਰੋਸ ਮੁਜ਼ਾਹਰੇ ਨੂੰ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਭਰਾਤਰੀ ਜਥੇਬੰਦੀਆਂ ਨੇ ਵੀ ਸਮਰਥਨ ਦਿੱਤਾ ਅਤੇ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਸਾਜਿਸ਼ ਨੂੰ ਅਸਫਲ ਕਰਨ ਲਈ ਸਾਂਝੇ ਤੌਰ ’ਤੇ ਸਰਕਾਰੀ ਜਬਰ ਦਾ ਟਾਕਰਾ ਕਰਨ ਦਾ ਐਲਾਨ ਕੀਤਾ| ਮੁਜ਼ਾਹਰਾਕਾਰੀਆਂ ਦੀ ਅਗਵਾਈ ਕਮੇਟੀ ਦੀ ਆਗੂ ਹਰਜਿੰਦਰ ਕੌਰ, ਰਾਖੀ ਮੰਨਣ ਅਤੇ ਸੰਦੀਪ ਕੌਰ ਨੇ ਕੀਤੀ| ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਸ਼ੀਤਲ ਸਿੰਘ, ਨਵਜੋਤ ਸਿੰਘ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਬਲਜੀਤ ਸਿੰਘ ਟੌਮ, ਕਵਰਦੀਪ ਸਿੰਘ ਢਿੱਲੋਂ, ਸਰਬਜੀਤ ਸਿੰਘ, ਮਨਦੀਪ ਕੁਮਾਰ, ਪ੍ਰਿਥੀਰਾਜ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ|

ਬੁਲਾਰਿਆਂ ਨੇ ਕਿਹਾ ਕਿ ਸੰਗਰੂਰ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਪਿਛਲੇ 125 ਦਿਨਾਂ ਤੋਂ ਚਲਾਈ ਜਾ ਰਹੀ ਲੜੀਵਾਰ ਭੁੱਖ ਹੜਤਾਲ ਅਤੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦੇ 13ਵੇਂ ਦਿਨ ਵਿੱਚ ਪ੍ਰਵੇਸ਼ ਕਰਨ ਤੋਂ ਖਫਾ ਸਰਕਾਰ ਨੇ ਅਸਫ਼ਲ ਬਣਾਉਣ ਲਈ ਮਰਨ ਵਰਤ ’ਤੇ ਬੈਠੇ ਅਧਿਆਪਕ ਨੂੰ ਸਿਵਲ ਵਰਦੀ ਵਿੱਚ ਆਏ 100 ਦੇ ਕਰੀਬ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲੀਸ ਮੁਲਾਜ਼ਮਾਂ ਵੱਲੋਂ ਪਿਛਲੀ ਰਾਤ ਕਰੀਬ 11 ਵਜੇ ਜਬਰੀ ਮਰਨ ਵਰਤ ਤੋਂ ਚੁੱਕ ਕੇ ਰਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾ ਦੇਣ ਖਿਲਾਫ਼ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ| ਆਗੂਆਂ ਨੇ ਕਿਹਾ ਕਿ ਜਥੇਬੰਦੀ ਆਪਣੀਆਂ ਸੇਵਾਵਾਂ ਰੈਗੂਲਰ ਕਰਨ, ਉਨ੍ਹਾਂ ਦੀਆਂ ਤਨਖਾਹਾਂ ਵਿੱਚੋਂ 5000 ਰੁਪਏ ਦੀ ਕੀਤੀ ਜਾ ਰਹੀ ਕਟੌਤੀ ਬੰਦ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਮੈਦਾਨ ਵਿੱਚ ਹੈ|

ਜੀਟੀਯੂ ਵੱਲੋਂ ਸੰਘਰਸ਼ ਨੂੰ ਸਮਰਥਨ

ਹੁਸ਼ਿਆਰਪੁਰ: ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਅਮਨਦੀਪ ਸ਼ਰਮਾ ਅਤੇ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਕੰਪਿਊਟਰ ਅਧਿਆਪਕਾਂ ਦੇ ਆਗੂ ਜੋਨੀ ਸਿੰਗਲਾ ਨੂੰ ਪੁਲੀਸ ਵੱਲੋਂ ਜਬਰੀ ਚੁੱਕਣ ਤੇ ਸਾਥੀ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਫ਼ੋਨ ਖੋਹਣ ਦੀ ਨਿੰਦਾ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਭੱਤਿਆਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਅੰਦੋਲਨ ਕਰ ਰਹੇ ਅਧਿਆਪਕਾਂ ’ਤੇ ਕੋਈ ਵੀ ਜਬਰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਯੂਨੀਅਨ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਵਧ-ਚੜ੍ਹ ਕੇ ਹਿੱਸਾ ਲਵੇਗੀ। ਇਸ ਮੌਕੇ ਸੁਨੀਲ ਕੁਮਾਰ, ਪ੍ਰਿਤਪਾਲ ਸਿੰਘ ਚੌਟਾਲਾ, ਲੈਕਚਰਾਰ ਅਮਰ ਸਿੰਘ, ਉਪਿੰਦਰ ਸਿੰਘ, ਵਿਕਾਸ ਸ਼ਰਮਾ, ਸੰਜੀਵ ਧੂਤ, ਪ੍ਰਿੰਸ ਗੜ੍ਹਦੀਵਾਲਾ, ਹੈੱਡਮਾਸਟਰ ਸੰਦੀਪ ਬਡੇਸਰੋਂ, ਹੈੱਡਮਾਸਟਰ ਨਸੀਬ ਸਿੰਘ, ਅਸ਼ੋਕ ਕੁਮਾਰ ਤੇ ਅਮਰਜੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Show comments