ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼ ਦੀ ਨਿੰਦਾ
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਇਸ ਬਿੱਲ ਰਾਹੀਂ ਚੰਡੀਗੜ੍ਹ ਨੂੰ ਵੱਖਰੇ ਪ੍ਰਸ਼ਾਸਕ ਭਾਵ ਉਪ ਰਾਜਪਾਲ (ਲੈਫਟੀਨੈਂਟ ਗਵਰਨਰ) ਹਵਾਲੇ ਕਰ ਕੇ ਕੇਂਦਰ ਸਰਕਾਰ ਦੇ ਅਧੀਨ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਅਧੀਨ ਲਿਆਉਣ ਵਾਲਾ ਅਜਿਹਾ ਕਦਮ ਹੈ, ਜੋ ਅੰਡੇਮਾਨ ਅਤੇ ਨਿਕੋਬਾਰ, ਲਕਸ਼ਦਦੀਪ ਜਾਂ ਦਾਦਰਾ-ਨਗਰ ਹਵੇਲੀ ਵਰਗੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦੇਵੇਗਾ। ਨਤੀਜੇ ਵਜੋਂ ਪੰਜਾਬ ਦਾ ਚੰਡੀਗੜ੍ਹ ਉੱਤੇ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਅਧਿਕਾਰ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ, ਜੋ ਸਿੱਧਾ-ਸਿੱਧਾ ਪੰਜਾਬ ਦੇ ਹੱਕਾਂ ’ਤੇ ਡਾਕੇ ਵਾਂਗ ਹੋਵੇਗਾ।
ਉਨ੍ਹਾਂ ਕਿਹਾ ਕਿ ਫਿਲਹਾਲ ਯੂਟੀ ਚੰਡੀਗੜ੍ਹ ਵਿੱਚ ਕਰਮਚਾਰੀਆਂ ਦਾ ਅਨੁਪਾਤ ਪੰਜਾਬ ਦਾ 60 ਫ਼ੀਸਦੀ ਅਤੇ ਹਰਿਆਣਾ ਦਾ 40 ਫ਼ੀਸਦੀ ਹੈ, ਪਰ ਇਸ ਫ਼ੈਸਲੇ ਨਾਲ ਪੰਜਾਬੀ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਭਵਿੱਖ ਵੀ ਗੰਭੀਰ ਖ਼ਤਰੇ ਵਿੱਚ ਪੈ ਜਾਵੇਗਾ। ਚੰਡੀਗੜ੍ਹ, ਜੋ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ, ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦਾ ਕੇਂਦਰ ਵੀ ਹੈ, ਇਸ ਨੂੰ ਪੰਜਾਬ ਤੋਂ ਮੁਕੰਮਲ ਤੌਰ ’ਤੇ ਵੱਖ ਕਰਨਾ ਪੰਜਾਬੀ ਵਿਰਸੇ ਨੂੰ ਵੰਡਣ ਵਾਲਾ ਕਦਮ ਹੈ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਬਿਲ ਨੂੰ ਤੁਰੰਤ ਵਾਪਸ ਲਿਆ ਜਾਵੇ। ਸਭਾ ਨੇ ਪੰਜਾਬੀ ਲੇਖਕਾਂ, ਬੁੱਧੀਜੀਵੀਆਂ ਅਤੇ ਪੂਰੇ ਪੰਜਾਬੀ ਭਾਈਚਾਰੇ ਨੂੰ ਵੀ ਇਸ ਦੇ ਵਿਰੋਧ ਵਿੱਚ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ, ਤਾਂ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਇਆ ਜਾ ਸਕੇ
