ਪੱਤਰ ਪ੍ਰੇਰਕ
ਚੇਤਨਪੁਰਾ, 18 ਜੁਲਾਈ
ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਅੰਮ੍ਰਿਤਸਰ ਦੇ ਸਰਕਲ ਪ੍ਰਧਾਨ ਸਾਥੀ ਮਲਕੀਅਤ ਸਿੰਘ ਸੈਂਸਰਾ ਅਤੇ ਸਰਕਲ ਸਕੱਤਰ ਸੁਖਪਾਲ ਸਿੰਘ ਮਜੀਠਾ ਨੇ ਪੰਜਾਬ ਸਰਕਾਰ ਵੱਲੋਂ ਕੱਚੇ ਕਾਮੇ ਪੱਕੇ ਕਰਨ ਲਈ ਜਾਰੀ ਵਿਤਕਰੇ ਵਾਲੀ ਨੀਤੀ ਦੀ ਸਖਤ ਸਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਦੇ ਵੇਰਵੇ ਮੰਗੇ ਗਏ ਹਨ ਪਰ ਨਾਲ ਸਾਫ ਅੱਖਰਾਂ ’ਚ ਲਿਖਿਆ ਗਿਆ ਹੈ ਕਿ ਆਊਟਸੋਰਸਡ ਕਾਮਿਆਂ ਦੇ ਵੇਰਵੇ ਨਾ ਭੇਜੇ ਜਾਣ ਜਿਸ ਤੋਂ ਸਾਫ ਹੁੰਦਾ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀਆਂ ਸਰਕਾਰਾਂ ਵਾਂਗ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਆਊਟਸੋਰਸਿੰਗ ਕਾਮਿਆਂ ਨੂੰ ਪੱਕੇ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸਡ ਕਾਮੇ ਜਿਨ੍ਹਾਂ ਦੀ ਗਿਣਤੀ ਲੱਖਾਂ ਵਿਚ ਹੈ ਉਹ ਸਰਕਾਰ ਦੇ ਕਿਸੇ ਨਾ ਕਿਸੇ ਫੈਸਲੇ ਜਾ ਪਾਲਸੀ ਅਧੀਨ ਹੀ ਭਰਤੀ ਕੀਤੇ ਗਏ ਹਨ। ਉਹ ਸਰਕਾਰੀ ਵਿਭਾਗਾਂ ਵਿਚ ਖਾਲੀ ਅਸਾਮੀਆਂ ਵਿਰੁੱਧ ਵਰ੍ਹਿਆਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ’ਤੇ ਪੱਕੇ ਹੋਣ ਦੀ ਆਸ ਵਿਚ ਕੰਮ ਕਰਦੇ ਆ ਰਹੇ ਹਨ।