ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਨਿੰਦਾ
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੈਮੀਨਾਰ ਨਾ ਕਰਨ ਦੇਣਾ ਸਿੱਖੀ ਵਿਰੋਧੀ ਕਾਰਵਾਈ ਅਤੇ ਵਿਚਾਰਾਂ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਇਹ ਚਿੰਤਾਜਨਕ ਗੱਲ ਹੈ ਕਿ ਪੰਜਾਬ ਦੀ ਧਰਤੀ ’ਤੇ ਬਣੀ ਪੰਜਾਬ ਯੂਨੀਵਰਸਿਟੀ (ਪੀ ਯੂ) ਵਿੱਚ ਸਿੱਖ ਵਿਦਵਾਨਾਂ ਅਤੇ ਵਿਚਾਰਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਚਾਹੀਦਾ ਤਾਂ ਇਹ ਸੀ ਕਿ ਯੂਨੀਵਰਸਿਟੀ ਪ੍ਰਬੰਧਕ ਖ਼ੁਦ ਸੈਮੀਨਾਰ ਲਈ ਲੋੜੀਂਦੇ ਪ੍ਰਬੰਧ ਕਰਦੇ ਪਰ ਇਸ ਦੇ ਉਲਟ ਸਿੱਖ ਜਥੇਬੰਦੀਆਂ ਨੂੰ ਵੀ ਅਜਿਹਾ ਕਰਨ ਤੋਂ ਰੋਕਿਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਡੀਨ ਵਿਦਿਆਰਥੀ ਭਲਾਈ ਤੋਂ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਰਜਿਸਟਰਾਰ ਨੂੰ ਮਿਲ ਕੇ ਵਿਦਿਆਰਥੀ ਜਥੇਬੰਦੀ ਸੱਥ ਦੇ ਯੂਨੀਵਰਸਿਟੀ ਵਿੱਚ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਲਖਬੀਰ ਸਿੰਘ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਸਮੇਤ ਹੋਰ ਮੌਜੂਦ ਸਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਹਰਭਜਨ ਸਿੰਘ ਵਕਤਾ ਨੇ ਦਿੱਤੀ।
