ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ , 25 ਸਤੰਬਰ
ਪੰਜਾਬ ਦੀਆਂ ਪੰਜ ਕਿਸਾਨ ਜੱਥੇਬੰਦੀਆਂ ਨੇ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ, ਨਹਿਰੀ ਪਾਣੀ ਹਰ ਖੇਤ ਤੱਕ ਪੁੱਜਦਾ ਕਰਵਾਉਣ ਲਈ ਅਤੇ ਫੈਡਰਲ ਢਾਂਚੇ ਦੀ ਰਾਖੀ ਲਈ ਸੂਬੇ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਆਰੰਭ ਕੀਤੀ ਹੋਈ ਹੈ। ਇਸ ਦੀ ਕੜੀ ਵਜੋਂ ਅੱਜ ਚੌਕ ਮਹਿਤਾ ਵਿੱਚ ਅੰਮ੍ਰਿਤਸਰ , ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ ਜ਼ਿਲ੍ਹਿਆਂ ਦੇ ਲੋਕਾਂ ਦੀ ਕਾਨਫਰੰਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬੀ ਆਪਣੇ ਹੱਕਾਂ ਦੀ ਰਾਖੀ ਲਈ ਡਟਵਾਂ ਸੰਘਰਸ਼ ਕਰਨਗੇ।
ਇਸ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਸ਼ਾ਼ਮਲ ਹੋਈਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ (ਰਾਜੇਵਾਲ), ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਏਆਈਕੇਐੱਫ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੜਾਈ ਭਾਵੇਂ ਕਿਸਾਨ ਲੜ ਰਹੇ ਹਨ ਪਰ ਇਹ ਲੜਾਈ ਸਮੁੱਚੇ ਸਮਾਜ ਦੀ ਹੈ। ਪੰਜਾਬ ਦੇ ਪਾਣੀਆਂ ਦਾ ਮਸਲਾ ਸੰਵਿਧਾਨ ਦੇ ਮੁਤਾਬਕ ਸੂਬੇ ਦਾ ਵਿਸ਼ਾ ਹੈ। ਕੇਂਦਰ ਇਸ ਵਿੱਚ ਕਿਸੇ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਜਿੰਨੇ ਸਮਝੌਤੇ ਜਾਂ ਐਵਾਰਡ ਹੋਏ ਹਨ , ਸਾਰੇ ਹੀ ਗੈਰ ਸੰਵਿਧਾਨਕ ਹਨ। ਇਨ੍ਹਾਂ ਨੂੰ ਰੱਦ ਕਰਕੇ ਰਾਇਪੇਰੀਅਨ ਸਿਧਾਂਤ ਮੁਤਾਬਕ ਫ਼ੈਸਲਾ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਫੈਡਰਲ ਢਾਂਚੇ ਨੂੰ ਸੱਟ ਮਾਰਨ ਲਈ ਡੈਮ ਸੇਫਟੀ ਐਕਟ ਰਾਹੀਂ ਕੇਂਦਰ ਸਰਕਾਰ ਪੰਜਾਬ ਦੇ ਪਾਣੀ ਅਤੇ ਬਿਜਲੀ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਬਿਜਲੀ ਖੇਤਰ ਪ੍ਰਾਈਵੇਟ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਆਪਣੇ ਹੱਕਾਂ ਦੀ ਰਾਖੀ ਲਈ ਡਟਵਾਂ ਸੰਘਰਸ਼ ਲੜਨਗੇ।