ਪੱਤਰ ਪ੍ਰੇਰਕ
ਪੱਟੀ, 31 ਜੁਲਾਈ
ਬੀਤੇ ਕੱਲ੍ਹ ਇਲਾਕੇ ਦੇ ਪਿੰਡ ਦੁਬਲੀ ਅੰਦਰ ਬਾਬਾ ਸੰਤ ਖਾਲਸਾ ਸੇਵਾ ਸੁਸਾਇਟੀ ਦੇ ਮੈਂਬਰਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਜਬਰਦਸਤ ਵਿਰੋਧ ਕਰਦਿਆਂ ਵਿਧਾਇਕ ਦੇ ਕਾਫ਼ਲੇ ਨੂੰ ਪਿੰਡ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ। ਇਸ ਮੌਕੇ ਪਿੰਡ ਦੇ ਨੌਜਵਾਨਾਂ ਵੱਲੋਂ ਵਿਧਾਇਕ ਗਿੱਲ ਨੂੰ ਕਾਂਗਰਸ ਸਰਕਾਰ ਵੱਲੋਂ ਨਸ਼ਾ ਖਤਮ ਕਰਨ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਕੀਤੇ ਚੋਣ ਵਾਅਦੇ ਯਾਦ ਕਰਵਾਏ ਗਏ। ਇਸ ਤੋਂ ਇਲਾਵਾ ਪਿੰਡ ਵਾਸੀ ਨੌਜਵਾਨਾਂ ਨੇ ਸੀਚੇਵਾਲ ਮਾਡਲ ਤਹਿਤ ਪਿੰਡ ਦੁੱਬਲੀ ਨੂੰ ਵਿਕਸਤ ਕੀਤੇ ਜਾਣ ਬਾਰੇ ਵਿਧਾਇਕ ਗਿੱਲ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਯਾਦ ਕਰਵਾਉਦਿਆਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਤੇ ਵਿਧਾਇਕ ਗਿੱਲ ਆਪਣਾ ਚੋਣ ਵਾਅਦੇ ਪੂਰੇ ਕਰੇ ਨਹੀਂ ਤਾਂ ਵਿਰੋਧ ਜਾਰੀ ਰਹੇਗਾ। ਇਸ ਮਾਮਲੇ ਸਬੰਧੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨਾਲ ਫੋਨ ’ਤੇ ਗੱਲਬਾਤ ਕਰਨੀ ਚਾਹੀ ਪਰ ਰਾਬਤਾ ਨਹੀਂ ਹੋ ਸਕਿਆ।