ਸੁਭਾਸ਼ ਜੋਸ਼ੀ/ਗੁਰਦੇਵ ਸਿੰਘ ਗਹੂੰਣ
ਬਲਾਚੌਰ, 4 ਅਗਸਤ
ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕ ’ਚ ਖੜਦਿਆਂ ਯੂਥ ਕਾਂਗਰਸ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਯੂਥ ਕਾਂਗਰਸੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਥੋਪੇ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਬਲਾਕ ਪੱਧਰੀ ਧਰਨੇ ਦੇ ਕੇ ਪ੍ਰਧਾਨ ਮੰਤਰੀ ਮੋਦੀ ਦੇ ਨਾਂ ਮੰਗ ਪੱਤਰ ਦਿੱਤੇ। ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹੀਰਾ ਖੇਪੜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਪੰਜਾਬ ’ਚ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਰੱਖ ਆਪਣੇ ਪਰਿਵਾਰ ਦੀ ਕੁਰਸੀ ਬਚਾਉਣ ਦੀ ਖਾਤਿਰ ਕਿਸਾਨ ਵਿਰੋਧੀ ਆਰਡੀਨੈਂਸ ਦਾ ਸਮਰਥਨ ਕਰ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸੀਆਂ ਵਲੋਂ ਸ਼ਾਂਤਮਈ ਧਰਨਾ ਦੇ ਕੇ ਐੱਸਡੀਐੱਮ ਬਲਾਚੌਰ ਦੀਪਕ ਰੁਹੇਲ ਨੂੰ ਕੇਂਦਰ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ।
ਕਾਦੀਆਂ, (ਮਕਬੂਲ ਅਹਿਮਦ): ਕਾਦੀਆਂ ’ਚ ਯੂਥ ਕਾਂਗਰਸ ਮੋਰਚਾ ਵੱਲੋਂ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਯੂਥ ਨੇਤਾ ਰਣਜੀਤ ਸਿੰਘ ਰਾਏ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਸਿਰਫ਼ ਵੱਡੇ ਕਾਰੋਬਾਰੀ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਗ਼ਰੀਬ ਕਿਸਾਨਾਂ ਨੂੰ ਖ਼ਤਮ ਕਰਨ ’ਚ ਤੁਲੀ ਹੋਈ ਹੈ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।
ਹੁਸ਼ਿਆਰਪੁਰ, (ਹਰਪ੍ਰੀਤ ਕੌਰ): ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਯੂਥ ਕਾਂਗਰਸ ਵੱਲੋਂ ਐਡਵੋਕੇਟ ਪਵਿੱਤਰਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਸੈਸ਼ਨ ਚੌਕ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕੋਵਿਡ-19 ਦੇ ਮੱਦੇਨਜ਼ਰ ਸੀਮਤ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਪ੍ਰਦਰਸ਼ਨ ’ਚ ਹਿੱਸਾ ਲਿਆ।
ਫਗਵਾੜਾ, (ਜਸਬੀਰ ਸਿੰਘ ਚਾਨਾ): ਯੂਥ ਕਾਂਗਰਸ ਫਗਵਾੜਾ ਵਲੋਂ ਯੂਥ ਪ੍ਰਧਾਨ ਕਰਮਦੀਪ ਕੰਮਾ ਦੀ ਅਗਵਾਈ ਹੇਠ ਐੱਸ.ਡੀ.ਐੱਮ. ਦਫਤਰ ਬਾਹਰ ਧਰਨਾ ਲਾ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।